ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸਰਪ੍ਰਸਤ ਰਣਜੀਤ ਸਿੰਘ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਨਵਰੂਪ ਸਿੰਘ ਝਬਾਲ ਨੇ ਕਿਹਾ ਕਿ ਦੇਸ਼ ਭਰ ਵਿਚ ਸਮੁੱਚੇ ਅਧਿਆਪਕ ਵਰਗ 'ਤੇ ਟੈੱਟ ਦੀ ਜੋ ਤਲਵਾਰ ਲਟਕਾਈ ਗਈ ਹੈ, ਇਸ ਨਾਦਰਸ਼ਾਹੀ ਫ਼ਰਮਾਨ ਦਾ ਈ.ਟੀ.ਟੀ. ਅਧਿਆਪਕ ਯੂਨੀਅਨ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ | ਜਥੇਬੰਦੀ ਵਲੋਂ ਸਮੂਹਿਕ ਤੌਰ 'ਤੇ ਟੈੱਟ ਦਾ ਬਾਈਕਾਟ ਕੀਤਾ ਗਿਆ ਹੈ | ਇਸਦੇ ਨਾਲ ਹੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਟੈੱਟ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਮਾਰਚ ਕਰਨ ਜਾ ਰਹੀਆਂ ਹਨ | ਇਸ ਰੋਸ ਮਾਰਚ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਸਮੁੱਚੇ ਅਧਿਆਪਕ ਵਰਗ ਨੂੰ ਸੰਦੇਸ਼ ਦਿੱਤਾ ਹੈ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ | ਇਸ ਨਾਦਰਸ਼ਾਹੀ ਫ਼ਰਮਾਨ ਦੇ ਵਿਰੋਧ ਵਿਚ ਪੰਜਾਬ ਦੀਆ ਸਮੁੱਚੀਆਂ ਜਥੇਬੰਦੀਆਂ ਇਕਜੁੱਟ ਹਨ |