25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਖੇਤ ਮਜ਼ਦੂਰ ਸਭਾ ਨੇ ਚਾਰ ਲੇਬਰ ਕੋਡ ਰੱਦ ਕਰਾਉਣ ਲਈ ਕਾਲਾ ਦਿਵਸ ਮਨਾਇਆ

ਅਜੀਤ ਡੈਸਕ 02-04-2026

ਸਰਹਾਲੀ ਕਲਾਂ, 1 ਅਪ੍ਰੈਲ (ਅਜੈ ਸਿੰਘ ਹੁੰਦਲ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਚਾਰ ਲੇਬਰ ਕੋਡ, ਵਿਕਸਤ ਭਾਰਤ, ਜੀ ਰਾਮ ਜੀ ਕਾਨੂੰਨ, ਬਿਜਲੀ ਸੋਧ ਬਿੱਲ 2025 ਅਤੇ ਨਿੱਜੀਕਰਨ ਵਿਰੁੱਧ ਬਾਬਾ ਤਾਰਾ ਸਿੰਘ ਮਾਰਕੀਟ ਸਰਹਾਲੀ ਕਲਾ ਵਿਖੇ ਕਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਕੇ ਚਾਰ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਕਾਲਾ ਦਿਵਸ ਮਨਾਇਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਜਰਨਲ ਸਕੱਤਰ ਕਾ. ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਉਨ੍ਹਾਂ ਕਿਹਾ ਕਿ ਲੋਕ ਮੋਦੀ ਸਰਕਾਰ ਦੇ ਅਜਿਹੇ ਲੋਕ ਵਿਰੋਧੀ ਕਾਨੂੰਨਾਂ ਨੂੰ ਸਹਿਣ ਨਹੀਂ ਕਰਨਗੇ | ਇਸ ਦੇ ਖਿਲਾਫ਼ ਮਜ਼ਦੂਰ ਲਹਿਰ ਖੜ੍ਹੀ ਕਰਨਗੇ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਕਾ. ਬਲਜਿੰਦਰ ਕੌਰ, ਕਾ. ਦਰਸ਼ਨ ਕੌਰ, ਕਾ. ਸ਼ਿੰਦਰ ਕੌਰ, ਬੀਬੀ ਗੁਰਮੀਤ ਕੌਰ, ਬੱਗਾ ਸਿੰਘ, ਰਾਣੀ, ਮਨਜੀਤ ਕੌਰ, ਵਿੱਕੀ, ਸੁਖਵਿੰਦਰ ਕੌਰ, ਪ੍ਰੀਤਮ ਕੌਰ, ਲਖਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਥਾਣਾ ਖਾਲੜਾ ਦਾ ਘਿਰਾਓ <br/> ਅਗਲੀ ਖ਼ਬਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਕਦਮ ਚੁੱਕ ਰਿਹਾ ਆਕਲੈਂਡ ਗਰਾਮਰ ਸਕੂਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।