ਤਰਨ ਤਾਰਨ, 1 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਹੈਰੋਇਨ ਅਤੇ ਇਕ ਪਿਸਟਲ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐ ਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਵਿਖੇ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਦੋਦੇ, ਰੂਪ ਲਾਲ ਪੁੱਤਰ ਕਸ਼ਮੀਰ ਸਿੰਘ ਵਾਸੀ ਝਬਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਾਣੀ ਵਾਲੀ ਟੈਂਕੀ ਸਮਸ਼ਾਨਘਾਟ ਖਡੂਰ ਸਾਹਿਬ ਨਜ਼ਦੀਕ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਦੇਵ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਧਰਮਬੀਰ ਸਿੰਘ ਪੁੱਰ ਭੁਪਿੰਦਰ ਸਿੰਘ ਵਾਸੀ ਖਲਚੀਆਂ ਜ਼ਿਲ੍ਹਾ ਅੰਮਿ੍ਤਸਰ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਖੇਮਕਰਨ ਤੋਂ ਲਾਡੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਕੱਚਾ ਪੱਕਾ ਤੋਂ ਸਾਹਿਬ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਦਿਆਲਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਨੰਦਪੁਰ ਨਜਦੀਕ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋੜ ਪੱਟੀ ਸਰਹਾਲੀ ਨਜ਼ਦੀਕ ਨਾਕਾਬੰਦੀ ਦੌਰਾਨ ਸੋਹਣ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਚੌਧਰੀਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |