ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਡੀ.ਸਕੂਲ ਜਮਸਤਪੁਰ ਰੋਡ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਮੰਗਾ ਸਿੰਘ ਪੁੱਤਰ ਬਲਦੇਵ ਸਿੰਘ, ਰਵੀ ਪੁੱਤਰ ਕੁਲਵੰਤ ਸਿੰਘ ਵਾਸੀਅਨ ਕਾਜੀਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਟੀ-ਪੁਆਇੰਟ ਗਹਿਰੀ ਵਿਖੇ ਨਾਕਾਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਚਾਹਲ ਨੂੰ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਵਿੰਦਰ ਸਿੰਘ ਪੁੱਤਰ ਲਾਜਪੱਤ ਸਿੰਘ ਵਾਸੀ ਨੌਰੰਗਾਬਾਦ, ਜਗਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨੌਰੰਗਾਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਤੁੜ ਸੂਆ ਦੀ ਪੱਟੜੀ ਨਜ਼ਦੀਕ ਤੋਂ ਇਕ ਕਾਰ ਨੰਬਰ ਪੀ.ਬੀ46 ਏ.ਸੀ. 4070 ਜਿਸ ਵਿਚ ਚਾਰ ਨੌਜਵਾਨ ਬੈਠ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਵਿਚੋਂ ਸਰਬਜੀਤ ਸਿੰਘ ਪੁੱਤਰ ਦਿਲਬਾਗ ਸਿੰਘ, ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ, ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਅਨ ਮੋਹਨਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, 1120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ, ਜਦਕਿ ਮਨਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੋਹਨਪੁਰ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਕੱਚਾ ਪੱਕਾ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਵਿਜੇ ਪੁੱਤਰ ਗੁਰਸੇਵ ਸਿੰਘ ਵਾਸੀ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਇਕ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਰੇਨ ਪੱਟੜੀ ਮਾੜੀਮੇਘਾ ਤੋਂ ਗੁਰਦੇਵ ਸਿੰਘ ਪੁੱਤਰ ਨੀਲਾ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਾਨ ਰੋਡ ਘਰਿਆਲਾ ਤੋਂ ਸੌਕਤ ਪੁੱਤਰ ਪਿਛੇਰਾ ਮਸੀਹ ਵਾਸੀ ਖੂਹ ਵਾਲਾ ਵੇਹੜਾ ਘਰਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |