ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖ ਮਹੀਨੇ ਦੀ ਸੰਗਰਾਂਦ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼-ਵਿਦੇਸ਼ 'ਚੋਂ ਬਹੁਤ ਹੀ ਵੱਡੀ ਗਿਣਤੀ 'ਚ ਸੰਗਤਾਂ ਸਰੋਵਰ 'ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਸਵੇਰੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਅਤੇ ਹਜੂਰੀ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ ਗਏ | ਦੀਵਾਨ ਹਾਲ ਵਿਚ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਪੰਥ ਦੇ ਵੱਖ-ਵੱਖ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਸੰਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਸਮੇਂ ਹਰ ਸੰਗਰਾਂਦ ਦੀ ਤਰ੍ਹਾਂ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਵੱਡੀ ਗਿਣਤੀ ਵਿਚ ਪ੍ਰਾਣੀ ਗੁਰੂ ਵਾਲੇ ਬਣੇ, ਜਿੰਨਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ ਨੇ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਹੋਰ ਵੀ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਅਤੇ ਨਾਮ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ | ਸੰਗਤਾਂ ਲਈ ਗੁਰੂ ਕੇ ਲੰਗਰ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਚਾਹ ਦੇ ਲੰਗਰ ਵਰਤਾਏ ਗਏ | ਸੰਗਤਾਂ ਦੀ ਸਹੂਲਤ ਲਈ ਪ੍ਰਬੰਧਕਾਂ ਵਲੋਂ ਵਾਹਨ ਪਾਰਕਿੰਗ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਇਸ ਮੌਕੇ ਬਿਕਰਮਜੀਤ ਸਿੰਘ ਸੁਰਸਿੰਘ, ਦਿਲਬਾਗ ਸਿੰਘ, ਸੀਨੀਅਰ ਆਗੂ ਜਥੇਦਾਰ ਵਰਿੰਦਰ ਸਿੰਘ ਠੱਠਾ, ਬਲਜੀਤ ਸਿੰਘ ਝਬਾਲ, ਰਵੇਲ ਸਿੰਘ ਜੌਹਲ ਅਤੇ ਹੋਰ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |