20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ 1 ਮਈ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ <br/>

ਅਜੀਤ ਡੈਸਕ 21-04-2026
ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਬੇਰੁਜ਼ਗਾਰ ਸਾਂਝਾ ਮੋਰਚਾ ਤਰਨ ਤਾਰਨ ਦੀ ਇਕੱਤਰਤਾ ਤਰਨ ਤਾਰਨ ਵਿਖੇ ਸਾਂਝਾ ਮੋਰਚਾ ਦੇ ਸੂਬਾ ਕਨਵੀਨਰ ਰਮਨ ਕੁਮਾਰ ਮਲੋਟ ਦੀ ਅਗਵਾਈ ਹੇਠ ਹੋਈ, ਜਿਸ ਵਿਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਆਗੂਆਂ ਵਲੋਂ ਤਰਨ ਤਾਰਨ ਤੋਂ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚਣ ਦਾ ਵਿਸ਼ਵਾਸ ਦਿਵਾਇਆ ਗਿਆ | ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਲਗਪਗ ਚਾਰ ਸਾਲਾਂ ਦੌਰਾਨ ਇਕ ਵੀ ਨਵੀਂ ਭਰਤੀ ਸਿੱਖਿਆ ਵਿਭਾਗ ਵਿਚ ਜਾਰੀ ਨਹੀਂ ਕੀਤੀ, ਪਰ ਸਰਕਾਰ ਸਿੱਖਿਆ ਕ੍ਰਾਂਤੀ ਦੇ ਦਮਗਜੇ ਮਾਰ ਰਹੀ ਹੈ | ਇਸ ਲਈ ਬੇਰੁਜ਼ਗਾਰਾਂ ਨੇ ਆਪਣੀਆਂ ਮੰਗਾਂ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਫੋਕੇ ਦਾਅਵਿਆਂ ਦੀ ਫੂਕ ਕੱਢਣ ਲਈ 25 ਦਸੰਬਰ ਤੋਂ ਸੰਗਰੂਰ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਹੋਇਆ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਬੇਰੁਜ਼ਗਾਰਾਂ ਦੀ ਕਿਸੇ ਵੀ ਹੱਕੀ ਮੰਗ ਦਾ ਹੱਲ ਨਹੀਂ ਕੀਤਾ | ਸਰਕਾਰ ਨੇ ਚਾਰ ਸਾਲਾਂ ਵਿੱਚ ਸਿੱਖਿਆ ਵਿਭਾਗ ਅੰਦਰ ਨਰਸਰੀ, ਪ੍ਰਾਇਮਰੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰ ਪੱਧਰ ਤੱਕ ਦੀ ਇਕ ਵੀ ਨਵੀਂ ਆਸਾਮੀ ਜਾਰੀ ਨਹੀਂ ਕੀਤੀ, ਉਲਟਾ ਪਿਛਲੀ ਸਰਕਾਰ ਮੌਕੇ ਦੀਆਂ ਜਾਰੀ ਆਸਾਮੀਆਂ ਜਿਨਾਂ ਵਿਚ ਲੈਕਚਰਾਰ 343 ਆਸਾਮੀ, ਪੀ.ਟੀ.ਆਈ. ਅਧਿਆਪਕ 646 ਅਤੇ 2000 ਪੀ.ਟੀ.ਆਈ. ਅਧਿਆਪਕ ਆਸਾਮੀ ਨੂੰ ਰੱਦ ਜ਼ਰੂਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੇਕਾਂ ਥਾਵਾਂ 'ਤੇ ਐਲਾਨ ਕੀਤਾ ਸੀ ਕਿ ਪਿਛਲੀਆਂ ਸਰਕਾਰਾਂ ਮੌਕੇ ਰੁਜ਼ਗਾਰ ਮੰਗਦੇ, ਧਰਨੇ ਲਾਉਂਦੇ ਅਨੇਕਾਂ ਬੇਰੁਜ਼ਗਾਰ ਉਮਰ ਸੀਮਾ ਪਾਰ ਚੁੱਕੇ ਹਨ | ਪੰਜਾਬ ਸਰਕਾਰ ਕਾਨੂੰਨ ਵਿਚ ਸੋਧ ਕਰਕੇ ਰੁਜ਼ਗਾਰ ਪ੍ਰਾਪਤੀ ਲਈ ਉਪਰਲੀ ਉਮਰ ਸੀਮਾ ਵਿਚ ਛੋਟ ਦੇਵੇਗੀ | ਜਦਕਿ ਅਜਿਹਾ ਅਮਲੀ ਰੂਪ ਵਿਚ ਨਹੀਂ ਕੀਤਾ ਗਿਆ | ਰੋਸ ਵਜੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸਾਥੀਆਂ ਵਲੋਂ ਮੁੱਖ ਮੰਤਰੀ ਦੀਆਂ ਰੈਲੀਆਂ ਦੌਰਾਨ ਵੀ ਮੁੱਖ ਮੰਤਰੀ ਵਲੋਂ ਆਪਣਾ ਵਾਅਦਾ ਪੂਰਾ ਨਾ ਕੀਤੇ ਜਾਣ 'ਤੇ ਵਿਰੋਧ ਕੀਤਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਾਂਝੇ ਮੋਰਚੇ ਦੀਆਂ ਅਨੇਕਾਂ ਮੀਟਿੰਗਾਂ ਕੈਬਨਿਟ ਸਬ-ਕਮੇਟੀ ਨਾਲ ਕਰਵਾਈਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਵੀ ਪੰਜਾਬ ਸਰਕਾਰ ਵਲੋਂ ਕੋਈ ਸਾਰਥਿਕ ਹੱਲ ਨਹੀਂ ਕੱਢਿਆ ਗਿਆ ਅਤੇ ਨਾ ਹੀ ਕੋਈ ਭਰਤੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ | ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ 1 ਮਈ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਾਕ ਪ੍ਰਧਾਨ ਚੋਹਲਾ ਸਾਹਿਬ ਨਰਿੰਦਰ ਸ਼ਰਮਾ, ਖ਼ਜ਼ਾਨਚੀ ਕਰਨਬੀਰ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ ਪੱਟੀ, ਬਲਾਕ ਪ੍ਰਧਾਨ ਤਰਨ ਤਾਰਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਖਡੂਰ ਸਾਹਿਬ ਨਿਸ਼ਾਨ ਸਿੰਘ ਬਲਾਕ ਪ੍ਰਧਾਨ ਗੰਡੀਵਿੰਡ ਬਲਗੇਰ ਸਿੰਘ ਅਤੇ ਸਰਬਜੀਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਦੇ ਨਾਂਅ 'ਤੇ ਮੋਦੀ ਸਰਕਾਰ ਕਰ ਰਹੀ ਹੈ ਰਾਜਨੀਤਿਕ ਡਰਾਮੇਬਾਜ਼ੀ- ਗੁਰਜੀਤ ਔਜਲਾ ਅਗਲੀ ਖ਼ਬਰ ਸ਼ਹਿਰ ਪੱਟੀ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।