ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਭੋਗ ਪਾਏ ਗਏ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਡਾ. ਰਵੀ ਇੰਦਰ ਸਿੰਘ ਚੀਮਾ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੀ ਪਹੁੰਚੇ | ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਡਾ. ਚਾਹਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਪਰ ਚੱਲਣ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ | ਕਾਲਜ ਮੈਨੇਜ਼ਮੈਂਟ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਰਵੀ ਇੰਦਰ ਸਿੰਘ ਚੀਮਾ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਇੰਚਾਰਜ ਡਾ. ਰਮਨਪ੍ਰੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਮਿਹਨਤ ਕਰਨ ਅਤੇ ਚੰਗੇ ਨੰਬਰ ਲੈ ਕੇ ਆਪਣੇ ਮਾਂ ਬਾਪ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਚਾਹਲ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਮਤਿਹਾਨਾਂ ਵਿਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਤੇ ਉਹਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ |