ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਿੰਦਰਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਵੈਰੋਂਵਾਲ ਨੂੰ ਕਾਬੂ ਕਰਕੇ ਉਸ ਪਾਸੋਂ 17 ਗ੍ਰਾਮ ਹੈਰੋਇਨ, 205 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੱਟੀ ਮੋੜ ਸਰਹਾਲੀ ਤੋਂ ਗੁਰਸੇਵਕ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਸ਼ੱਕਰੀ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ 900 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਬੱਡ ਅੱਡਾ ਪਿੰਡ ਉਸਮਾਂ ਨਜ਼ਦੀਕ ਤੋਂ ਸਿਕੰਦਰਜੀਤ ਸਿੰਘ ਪੁੱਤਰ ਮੁਖਤਾਰ ਸਿੰਘ, ਗੁਰਸੇਵਕ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਅਨ ਬਾਸਰਕੇ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਬਰਾਮਦ ਕੀਤਾ ਹੈ | ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |