ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਯਾਤਰਾ ਦਾ ਹਲਕਾ ਪੱਟੀ ਵਿਖੇ ਪੁੱਜਣ 'ਤੇ ਹਰੀਕੇ ਖਾਲੜਾ ਸੜਕ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ | ਜਿਵੇਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਫ਼ਲੇ ਸਮੇਤ ਪੁੱਜੇ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਯਾਤਰਾ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ ਵਿਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਖੋਸਾ, ਐਡਵੋਕੇਟ ਹੀਰਾ ਸਿੰਘ ਸਰਪੰਚ ਮਰਹਾਣਾ, ਸੁਖਰਾਜ ਸਿੰਘ ਕਿਰਤੋਵਾਲ, ਗੁਰਦਿਆਲ ਸਿੰਘ ਮਰਹਾਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਗੁਰਵਿੰਦਰ ਸਿੰਘ ਜਿੰਦਾਵਾਲਾ ਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਪਨਗੋਟਾ, ਮਾਸਟਰ ਸੰਤੋਖ ਸਿੰਘ, ਸਰਪੰਚ ਬਲਵੰਤ ਸਿੰਘ ਗੰਡੀਵਿੰਡ, ਤਲਵਿੰਦਰ ਸਿੰਘ, ਸਰਪੰਚ ਜਗਦੇਵ ਸਿੰਘ ਬੂਹ ਹਵੇਲੀਆਂ, ਬੱਬੀ ਭੈਲ, ਦੀਪੂ ਐਡਵੋਕੇਟ, ਸਰਪੰਚ ਗੁਰਮੇਜ ਸਿੰਘ, ਅੰਗਰੇਜ਼ ਸਿੰਘ ਹਰੀਕੇ, ਸ਼ਾਲੂ ਹਰੀਕੇ, ਪਰਮਜੀਤ ਸਿੰਘ ਕਰੀਰ, ਸਰਪੰਚ ਜੁਗਰਾਜ ਸਿੰਘ ਧਗਾਣਾ, ਦੀਪ ਮਰਹਾਣਾ, ਮੱਖਣ ਸਿੰਘ ਮੁਸਾਫ਼ਰ, ਬਾਬਾ ਦਿਲਬਾਗ ਸਿੰਘ, ਬਾਬਾ ਸੋਹਣ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਭਜਨ ਸਿੰਘ, ਭਾਈ ਅਜੇ ਪਾਲ ਸਿੰਘ ਤੇ ਭਾਈ ਅਮਰੀਕ ਸਿੰਘ ਆਦਿ ਹਾਜ਼ਰ ਸਨ |