ਗੁਰੂ ਅਮਰਦਾਸ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਨਾਲ ਮਨਾਇਆ
ਗੋਇੰਦਵਾਲ ਸਾਹਿਬ, 22 ਨਵੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਸਾਲ ਦੇ ਸਮਾਗਮ ਦਾ ਵਿਸ਼ਾ ‘ਗਾਰਡਨ ਆਫ ਡਰੀਮਜ਼’ ਰੱਖਿਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਦੇ ਸੁਪਨਿਆਂ, ਸਿਰਜਣਾਤਮਕਤਾ, ਪ੍ਰਤਿਭਾ ਅਤੇ ਜੀਵਨ ਦੇ ਉਦੇਸ਼ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ।
ਗੋਇੰਦਵਾਲ ਸਾਹਿਬ, 22 ਨਵੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਸਾਲ ਦੇ ਸਮਾਗਮ ਦਾ ਵਿਸ਼ਾ ‘ਗਾਰਡਨ ਆਫ ਡਰੀਮਜ਼’ ਰੱਖਿਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਦੇ ਸੁਪਨਿਆਂ, ਸਿਰਜਣਾਤਮਕਤਾ, ਪ੍ਰਤਿਭਾ ਅਤੇ ਜੀਵਨ ਦੇ ਉਦੇਸ਼ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੰਗਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਅਤੇ ਆਦੇਸ਼ ਸਿੰਘ ਸੀਨੀਅਰ ਸਹਾਇਕ, ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਤਰਨ ਤਾਰਨ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦੇ ਨਾਮ ਦੇ ਸਿਮਰਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਰੰਗਾਰੰਗ, ਸੱਭਿਆਚਾਰਕ ਅਤੇ ਗਿਆਨਵਰਧਕ ਪ੍ਰੋਗਰਾਮਾਂ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵਿਸ਼ੇਸ਼ ਪੇਸ਼ਕਾਰੀਆਂ ਵਿਚ ਚੰਦਰਯਾਨ, ਔਟਿਜ਼ਮ ਅਤੇ ‘ਔਰਤਾਂ ਦੇ ਸੁਪਨੇ’ ਖਾਸ ਖਿੱਚ ਦਾ ਕੇਂਦਰ ਰਹੀਆਂ। ਚੰਦਰਯਾਨ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ਪੁਲਾੜ ਵਿਗਿਆਨ ਦੇ ਖੇਤਰ ਵਿਚ ਹੋਈ ਤਰੱਕੀ ਅਤੇ ਚੰਦਰਯਾਨ ਮਿਸ਼ਨ ਦੀ ਮਹੱਤਤਾ ਨੂੰ ਬਹੁਤ ਹੀ ਦਿਲਚਸਪ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਇਸੇ ਤਰ੍ਹਾਂ ਔਟਿਜ਼ਮ ਵਿਸ਼ੇ ਉੱਤੇ ਆਧਾਰਿਤ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਸਮਾਜ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਸਮਝ ਅਤੇ ਸਵੀਕਾਰਤਾ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ‘ਔਰਤਾਂ ਦੇ ਸਪਨੇ ਦੀ ਪੇਸ਼ਕਾਰੀ ਬੇਹੱਦ ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਹੀ। ਇਸ ਰਾਹੀਂ ਵਿਦਿਆਰਥੀਆਂ ਨੇ ਔਰਤਾਂ ਦੇ ਸੁਪਨਿਆਂ, ਇੱਛਾਵਾਂ, ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਨੂੰ ਖੂਬਸੂਰਤੀ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਇਹ ਦਰਸਾਇਆ ਕਿ ਔਰਤ ਸਿਰਫ਼ ਪਰਿਵਾਰ ਦੀ ਮਜ਼ਬੂਤ ਨੀਂਹ ਹੀ ਨਹੀਂ, ਸਗੋਂ ਵਿਗਿਆਨ, ਸਿੱਖਿਆ, ਖੇਡਾਂ, ਪ੍ਰਸ਼ਾਸਨ, ਕਲਾ ਅਤੇ ਹਰ ਖੇਤਰ ਵਿੱਚ ਆਪਣੀ ਸਮਰੱਥਾ ਸਾਬਤ ਕਰਨ ਦੀ ਯੋਗਤਾ ਰੱਖਦੀ ਹੈ। ਇਸ ਤੋਂ ਇਲਾਵਾ ਝੂਮਰ, ਗਿੱਧਾ, ਭੰਗੜਾ, ਪੰਜਾਬੀ ਲੋਕ ਨਾਟਕ ਅਤੇ ਨੁੱਕੜ ਨਾਟਕ ਵਰਗੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਪੰਜਾਬੀ ਵਿਰਸੇ ਅਤੇ ਲੋਕ-ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਕੌਰ ਮਦਾਨ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਦੀਆਂ ਸਾਲ ਭਰ ਦੀਆਂ ਵਿੱਦਿਅਕ, ਸੱਭਿਆਚਾਰਕ, ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਸਮਾਗਮ ਦਾ ਇਕ ਵਿਸ਼ੇਸ਼ ਆਕਰਸ਼ਣ ਇਨਾਮ ਵੰਡ ਸਮਾਰੋਹ ਰਿਹਾ, ਜਿਸ ਦੌਰਾਨ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ, ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਲੋਂ ਉਹ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਮੁੱਖ ਮਹਿਮਾਨ ਮੰਗਤ ਸਿੰਘ ਨੇ ਆਪਣੇ ਸੰਬੋਧਨ ਵਿਚ ਸਕੂਲ ਵਲੋਂ ਕਰਵਾਏ ਗਏ ਇਸ ਵਿਲੱਖਣ ਅਤੇ ਵਿਸ਼ਾ-ਆਧਾਰਿਤ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਗਾਰਡਨ ਆਫ ਡਰੀਮਜ਼’ ਵਰਗੇ ਸਮਾਗਮ ਵਿਦਿਆਰਥੀਆਂ ਦੇ ਜੀਵਨ ਉੱਤੇ ਡੂੰਘਾ ਪ੍ਰਭਾਵ ਪਾਉਂਦੇ ਹਨ ਅਤੇ ਉਨ੍ਹਾਂ ਅੰਦਰ ਨਵੀਆਂ ਸੋਚਾਂ, ਸੁਪਨਿਆਂ ਅਤੇ ਸੰਭਾਵਨਾਵਾਂ ਨੂੰ ਜਨਮ ਦਿੰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਅਤੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।