ਲੁਧਿਆਣਾ, 20 ਜਨਵਰੀ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਅਪਰਾਧ ਮੁਕਤ ਕਰਨ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੋਂ ਕਰੀਬ 325 ਦਿਨ ਪਹਿਲਾਂ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪੁਲਿਸ ਨੇ ਇਤਿਹਾਸਕ ਕਾਰਵਾਈ ਕਰਦਿਆਂ 32 ਹਜ਼ਾਰ ਨਸ਼ਾ ਤਸਕਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਅਤੇ ਹਜ਼ਾਰਾਂ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ | ਉਕਤ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਮੁੱਖ ਦਫ਼ਤਰ ਗਿੱਲ ਰੋਡ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਤਸਕਰਾਂ ਨੂੰ ਫੜਿਆ, ਸਗੋਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰੀ ਮਦਦ ਦੇ ਕੇ ਮੁੱਖ ਧਾਰਾ ਵਿਚ ਵਾਪਸ ਲਿਆਂਦਾ | ਉਸੇ ਤਰਜ਼ 'ਤੇ ਹੁਣ 'ਆਪ' ਸਰਕਾਰ ਨੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਹੈ | ਵਿਧਾਇਕ ਸਿੱਧੂ ਨੇ ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿਚ ਨਾ ਸਿਰਫ਼ ਗੈਂਗਸਟਰਵਾਦ ਨੂੰ ਬੜਾਵਾ ਦਿੱਤਾ, ਸਗੋਂ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਵੀ ਦਿੱਤੀ, ਪਰ 'ਆਪ' ਸਰਕਾਰ ਨੇ ਗੈਂਗਸਟਰਾਂ 'ਤੇ ਨਕੇਲ ਕੱਸੀ ਹੈ | ਗੈਂਗਸਟਰਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਕੋਲ ਸਿਰਫ਼ ਦੋ ਹੀ ਰਸਤੇ ਬਚੇ ਹਨ ਜਾਂ ਤਾਂ ਉਹ ਪੰਜਾਬ ਛੱਡ ਦੇਣ ਜਾਂ ਫਿਰ ਜੇਲ੍ਹ ਜਾਣ ਅਤੇ ਪੁਲਿਸ ਦੀ ਗੋਲੀ ਖਾਣ ਲਈ ਤਿਆਰ ਰਹਿਣ |