ਢੰਡਾਰੀ ਕਲਾਂ/ਲੁਧਿਆਣਾ, 20 ਜਨਵਰੀ (ਜਸਵੀਰ ਸਿੰਘ ਬੰਗਾ)-ਪੰਜਾਬ ਨੂੰ ਸੂਬੇ ਦੀ 'ਆਪ' ਸਰਕਾਰ ਨੇ 'ਰੰਗਲਾ ਪੰਜਾਬ' ਬਣਾਉਣ ਦਾ ਨਾਅਰਾ ਦੇ ਕੇ ਆਰਥਿਕ ਪੱਖੋਂ ਬੇਹੱਦ ਕਮਜ਼ੋਰ ਕਰਕੇ ਰੱਖ ਦਿੱਤਾ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਬੇਹੱਦ ਜ਼ਰੂਰੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ | ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਨਸ਼ਾ ਸਾਰੀਆਂ ਹੱਦਾਂ ਪਾਰ ਕਰ ਗਿਆ, ਜਿਸ ਕਾਰਨ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ | ਉਨ੍ਹਾਂ ਕਿਹਾ ਕਿ ਲੁੱਟਾਂ ਖੋਹਾਂ ਆਮ ਜਿਹੀ ਗੱਲ ਹੋ ਗਈ ਹੈ, ਜਿਸ ਕਾਰਨ ਲੋਕ ਆਪਣੇ ਆਪ ਨੂੰ ਘਰੋਂ ਨਿਕਲਣ ਲੱਗਿਆਂ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਮਹਿਜ਼ ਇਕ ਡਰਾਮੇ ਤੋਂ ਸਿਵਾਏ ਕੁੱਝ ਨਹੀਂ, ਕਿਉਂਕਿ ਨਸ਼ਾ ਅੱਜ ਹਰ ਘਰ ਤੱਕ ਪਹੁੰਚ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ 2027 ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਂਦਾ ਜਾ ਸਕੇ |