ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ੇਅਰ ਮਾਰਕੀਟ ਵਿਚ ਪੈਸੇ ਲਗਾ ਕੇ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਵੈਭਵ ਸਹਿਗਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਕਰਮ ਯਾਦਵ ਵਾਸੀ ਹਰਿਆਣਾ ਨੂੰ ਰੇਵਾੜੀ, ਹਰਿਆਣਾ ਤੋਂ ਗਿ੍ਫ਼ਤਾਰ ਕੀਤਾ | ਮੁਲਜ਼ਮ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਕਾਰੋਬਾਰੀ ਦਾ ਸ਼ੇਅਰ ਮਾਰਕੀਟ ਵਿਚ ਪੈਸਾ ਲਗਾ ਕੇ ਅਤੇ ਉਸ ਨੂੰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸ ਪਾਸੋਂ ਧੋਖੇ ਨਾਲ ਕਰੀਬ 4 ਕਰੋੜ 35 ਲੱਖ ਰੁਪਏ ਹਾਸਲ ਕੀਤੇ ਸਨ, ਜਿਸ ਵਿਚੋਂ 60 ਲੱਖ ਰੁਪਏ ਦੋਸ਼ੀ ਵਿਕਰਮ ਯਾਦਵ ਦੇ ਖਾਤਾ ਵਿਚ ਟਰਾਂਸਫਰ ਹੋਏ ਸਨ | ਕਥਿਤ ਦੋਸ਼ੀ ਨੂੰ ਪੁਲਿਸ ਨੇ ਹੁਣ ਕਾਬੂ ਕਰ ਲਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਪੁਲਿਸ ਰਿਮਾਂਡ ਦੇ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਹੋਰ ਸਾਥੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਸ਼ੱਕੀ ਕਾਲ ਜਾਂ ਮੈਸੇਜ ਤੋਂ ਸਾਵਧਾਨ ਰਹਿਣ ਅਤੇ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕਰਨ |