ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ ਦੇ ਬਾਹਰ 5 ਜੁਲਾਈ, 2024 ਨੂੰ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਰਬਜੀਤ ਸਿੰਘ ਸਰਬਾ ਦੀ ਅਦਾਲਤ ਵਲੋਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਸਰਬਜੀਤ ਸਿੰਘ ਤੋਂ ਇਲਾਵਾ ਹਰਜੋਤ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ | ਉਨ੍ਹਾਂ ਦੱਸਿਆ ਕਿ ਹੇਠਲੀ ਅਦਾਲਤ ਵਲੋਂ ਸਰਬਜੀਤ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ | ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ, ਜਿਸ ਨੂੰ ਕਿ ਹਾਈ ਕੋਰਟ ਵਲੋਂ ਮਨਜ਼ੂਰ ਕਰਦਿਆਂ ਸਰਬਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ | ਉਨ੍ਹਾਂ ਦੱਸਿਆ ਕਿ ਆਉਂਦੇ ਇਕ-ਦੋ ਦਿਨਾਂ ਵਿਚ ਸਰਬਜੀਤ ਸਿੰਘ ਜੇਲ੍ਹ ਤੋਂ ਬਾਹਰ ਆ ਜਾਵੇਗਾ |