ਲੁਧਿਆਣਾ, 14 ਅਪ੍ਰੈਲ (ਜਸਵਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਮੰਗਲਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਕਣਕ ਦੀ ਤੁਰੰਤ ਖ਼ਰੀਦ ਅਤੇ ਮੁਸ਼ਕਲ ਰਹਿਤ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਸਰਕਾਰੀ ਮਸ਼ੀਨਰੀ ਨੂੰ ਲਾਮਬੰਦ ਕਰਕੇ ਵਿਸਤਰਿਤ ਪ੍ਰਬੰਧ ਕਰਨ ਤਾਂ ਜੋ ਕਿਸਾਨਾਂ ਦੀ ਸੁਨਹਿਰੀ ਫ਼ਸਲ ਮੰਡੀ ਵਿਚ ਆਉਂਦੇ ਹੀ ਤੁਰੰਤ ਖ਼ਰੀਦੀ ਜਾ ਸਕੇ | ਪੂਨਮ ਸਿੰਘ ਨੇ ਨਿਰਵਿਘਨ ਖ਼ਰੀਦ ਲਈ ਇੱਕ ਪੁਖ਼ਤਾ ਪ੍ਰਬੰਧ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨਾਂ ਕਿਹਾ ਕਿ ਉਹ ਕਾਰਵਾਈਆਂ ਦੀ ਨਿਗਰਾਨੀ ਕਰਨ ਅਤੇ ਕਣਕ ਦੀ ਸੁਚਾਰੂ, ਸਮੇਂ ਸਿਰ ਅਤੇ ਮੁਸ਼ਕਲ ਰਹਿਤ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਹਰ ਰੋਜ਼ ਨਿੱਜੀ ਤੌਰ 'ਤੇ ਅਨਾਜ ਮੰਡੀਆਂ ਦਾ ਦੌਰਾ ਕਰਨਗੇ | ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 13 ਅਪ੍ਰੈਲ ਤੱਕ ਜ਼ਿਲੇ ਦੀਆਂ ਅਨਾਜ ਮੰਡੀਆਂ ਵਿਚ 7,685 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 3.18 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਉਨਾਂ ਦੁਹਰਾਇਆ ਕਿ ਜ਼ਿਲਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਲੁਧਿਆਣਾ ਦੀਆਂ ਮੰਡੀਆਂ ਵਿਚ ਆਪਣੀ ਉਪਜ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਵੇ | ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਿਰਫ਼ ਨਮੀ ਰਹਿਤ ਅਨਾਜ ਹੀ ਮੰਡੀ ਵਿਚ ਲਿਆਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |