ਲੁਧਿਆਣਾ, 7 ਮਈ (ਜਤਿੰਦਰ ਭੰਬੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਕੋਠੀ ਬਾਹਰ ਦਿੱਤੇ ਜਾਣ ਵਾਲੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ 'ਚ ਰੈਗੂਲਰ ਕੀਤਾ ਜਾਵੇ | ਉਨ੍ਹਾਂ ਪਰਿਵਾਰਾਂ ਸਮੇਤ ਦਿੱਤੇ ਜਾਣ ਵਾਲੇ ਧਰਨੇ 'ਚ ਆਪਣੀਆਂ ਹੱਕੀ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰੀ ਪ੍ਰਥਾ ਨੂੰ ਬੰਦ ਕੀਤਾ ਜਾਵੇ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਜਾਣ ਵਾਲਿਆਂ ਦੇ ਪਰਿਵਾਰਾਂ ਨੂੰ ਪੈਨਸ਼ਨ ਲਗਾਉਣ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਾਰੰਟੀ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਜਦ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ | ਇਸ ਮੌਕੇ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਰਾਜੇਸ਼ ਕੁਮਾਰ ਮੌੜ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਦਫ਼ਤਰੀ ਸਕੱਤਰ ਸ਼ੇਰ ਸਿੰਘ, ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਮਸਲੇ ਨੂੰ ਲੰਮਾ ਲਟਕਾ ਰਹੀ ਹੈ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਕੈਬਨਿਟ ਮੰਤਰੀ ਵਲੋਂ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰ ਨਵੀਆਂ ਕੰਪਨੀਆਂ ਵਿਭਾਗਾਂ ਅੰਦਰ ਨਵੇਂ ਟੈਂਡਰ ਨਿਯੁਕਤ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪੁਰਾਣੀਆਂ ਕੰਪਨੀਆਂ ਵੱਲ ਕਰੋੜਾਂ ਰੁਪਏ ਦੇ ਪੁਰਾਣੇ ਪਏ ਬਕਾਏ ਜਾਰੀ ਨਹੀਂ ਕੀਤੇ ਗਏ |