ਲੁਧਿਆਣਾ, 7 ਮਈ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ 'ਮੇਰਾ ਹਲਕਾ ਮੇਰਾ ਮਾਣ' ਨਾਅਰੇ ਤਹਿਤ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 2 ਤੋਂ ਕਾਂਗਰਸੀ ਆਗੂ ਦੀਪਕ ਸ਼ਰਮਾ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੌਕੇ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ 'ਮੇਰਾ ਹਲਕਾ ਮੇਰਾ ਮਾਣ' ਪ੍ਰੋਗਰਾਮ ਤਹਿਤ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਰਵਾਈ ਗਈ ਇਸ ਮੀਟਿੰਗ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਦੀ ਮਜ਼ਬੂਤੀ ਲਈ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨਾ ਹੋਣ ਕਰਕੇ ਘਰਾਂ ਵਿਚ ਬੈਠੇ ਹਨ, ਉਨ੍ਹਾਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਨੂੰ ਪਾਰਟੀ ਪ੍ਰਤੀ ਉਤਸ਼ਾਹਿਤ ਕਰਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਕੇ 'ਆਪ' ਸਰਕਾਰ ਨੂੰ ਚੱਲਦਾ ਕਰਕੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਹੜੀ ਹਰ ਇਕ ਵਿਅਕਤੀ ਨੂੰ ਨਾਲ ਲੈ ਕੇ ਚੱਲਦੀ ਹੈ, ਉਹ ਕਿਸੇ ਵੀ ਵਰਗ ਨਾਲ ਸਬੰਧਿਤ ਹੋਵੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਸੰਨੀ ਪਹੂਜਾ, ਸਾਬਕਾ ਬਲਾਕ ਪ੍ਰਧਾਨ ਸੰਜੇ ਸ਼ਰਮਾ, ਨਰੇਸ਼ ਸ਼ਰਮਾ, ਰਿਤਿਕ, ਵਿਨੋਦ ਕੁਮਾਰ, ਦੀਪਕ ਕੁਮਾਰ, ਬਿਸ਼ਨ, ਰਾਹੁਲ, ਜਗਜੀਤ ਸਿੰਘ, ਸੋਨੂੰ ਲਾਖਾ ਆਦਿ ਹਾਜ਼ਰ ਸਨ |