ਲੁਧਿਆਣਾ, 7 ਮਈ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਦੇ ਅਧੀਨ ਆਉਂਦੇ ਵਾਰਡ ਨੰਬਰ 48 ਵਿਚ ਡਾ. ਚਮਕੌਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਅਤੇ ਸੀਨੀਅਰ ਸਾਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੀ ਅਗਵਾਈ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਇਕੱਠੇ ਹੋਏ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਪਰੇਸ਼ਾਨ ਹੈ | ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਜ਼ਮੀਨੀ ਪੱਧਰ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਇਕੱਠ ਦੌਰਾਨ ਡਾ. ਚਮਕੌਰ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨਗੇ | ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਦੀਆਂ ਗਲਤ ਨੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਅਤੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਟੋਨਾ, ਬਿੰਦਰ, ਰਜੇਸ਼ ਖੋਖਰ, ਰੋਮੀ ਆਦੀ ਹਾਜ਼ਰ ਸਨ |