ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼-ਕੀਮਤੀ ਭਗਤ
ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਵਾਰਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਪ
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗਊਧਨ ਦੀ ਸਾਂਭ-ਸੰਭਾਲ ਸੰਬੰਧੀ ਮੀਟਿੰਗ ਕਰਦੇ ਹੋਏ। ਤਸਵੀਰ : ਸੇਵਕ ਸਿੰਘ
13-10-2026
ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਵਾਰਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਘੁੰਮ ਰਹੇ ਲਾਵਾਰਸ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਗਊਸ਼ਾਲਾ ਪ੍ਰਬੰਧਕਾਂ ਵਲੋਂ ਸਾਂਝੇ ਤੌਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਕੀਮਤੀ ਭਗਤ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਊਧਨ ਦੀ ਸਾਂਭ-ਸੰਭਾਲ ਸੰਬੰਧੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸੂਬੇ ਦੀਆਂ 518 ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਪ੍ਰਾਈਵੇਟ ਗਊਸ਼ਾਲਾਵਾਂ ਵਲੋਂ ਕੀਤੇ ਜਾ ਰਹੇ ਗਊਧਨ ਦੀ ਸਾਂਭ ਸੰਭਾਲ ਦੇ ਕੰਮ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਗਊਸ਼ਾਲਾਵਾਂ ਵਿਚ ਰੱਖੇ ਹਰੇਕ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਜ਼ਿਲ੍ਹੇ ਦੀਆਂ ਕੁੱਲ 44 ਗਊਸ਼ਾਲਾਵਾਂ ’ਚੋਂ 20 ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਰਜਿਸਟ੍ਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ। ਭਗਤ ਨੇ ਦੱਸਿਆ ਕਿ ਗਊਸ਼ਾਲਾਵਾਂ ’ਚ ਗਊਧਨ ਦੀ ਸਿਹਤ ਸੰਭਾਲ, ਟੀਕਾਕਰਨ ਤੇ ਬਿਮਾਰੀਆਂ ਦੀ ਰੋਕਥਾਮ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਤੇ ਪਸ਼ੂ ਪਾਲਨ ਵਿਭਾਗ ਦੇ ਮਾਹਿਰ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਮੀਟਿੰਗ ’ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ ਡਾ. ਨਰਿੰਦਰ ਸਿੰਘ ਧਾਲੀਵਾਲ, ਓ. ਐਸ. ਡੀ. ਨਗਰ ਨਿਗਮ ਲੁਧਿਆਣਾ ਪਿਊਸ਼ਾ ਗਡਵਾਲ ਆਈ.ਏ.ਐਸ, ਡਿਪਟੀ ਡਾਇਰੈਕਟਰ ਪਸੂ ਪਾਲਨ ਲੁਧਿਆਣਾ ਡਾ. ਦੀਪਕ ਜਾਂਗੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।