ਸ਼ਹੀਦਾਂ ਦੇ ਪਾਏ ਪੂਰਨਿਆਂ ’ ਤੇ ਚੱਲਣਾ ਹੀ ਉਨ੍ਹਾਂ ਪ੍ਰਤੀ ਹੋਵੇਗੀ ਸੱਚੀ ਸ਼ਰਧਾਂਜਲੀ - ਵਿਰਸਾ ਸੰਭਾਲ ਮੰਚ
ਇਯਾਲੀ/ਥਰੀਕੇ, 16 ਨਵੰਬਰ (ਮਨਜੀਤ ਸਿੰਘ ਦੁੱਗਰੀ)- ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਤੇ ਉਨ੍ਹਾਂ ਵਲੋਂ ਦਰਸਾਏ ਰਾਹ ‘ਤੇ ਚੱਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਦੇ ਸਰਪ੍ਰਸਤ ਇੰਜੀਨੀਅਰ ਪੰਕਜ ਅਰੋੜਾ ਨੇ ਮੰਚ ਦੇ ਮੈਂਬਰਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੀਤਾ।
ਇਯਾਲੀ/ਥਰੀਕੇ, 16 ਨਵੰਬਰ (ਮਨਜੀਤ ਸਿੰਘ ਦੁੱਗਰੀ)- ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਤੇ ਉਨ੍ਹਾਂ ਵਲੋਂ ਦਰਸਾਏ ਰਾਹ ‘ਤੇ ਚੱਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਦੇ ਸਰਪ੍ਰਸਤ ਇੰਜੀਨੀਅਰ ਪੰਕਜ ਅਰੋੜਾ ਨੇ ਮੰਚ ਦੇ ਮੈਂਬਰਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ 1947 ਤੋਂ ਪਹਿਲਾਂ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਆਜ਼ਾਦੀ ਦੇ ਪਰਵਾਨਿਆਂ ਨੇ ਲੰਮਾ ਸੰਘਰਸ਼ ਕੀਤਾ ਅਤੇ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੱਤੀਆਂ। ਇਨ੍ਹਾਂ ਮਹਾਨ ਸ਼ਹੀਦਾਂ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਂ ਬੇਹੱਦ ਸਤਿਕਾਰ ਨਾਲ ਲਿਆ ਜਾਂਦਾ ਹੈ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਨੌਜਵਾਨ ਉਮਰ ਵਿਚ ਦੇਸ਼ ਦੀ ਆਜ਼ਾਦੀ ਦੇ ਲੇਖੇ ਆਪਣਾ ਜੀਵਨ ਲਾ ਦਿੱਤਾ। ਇੰਜ. ਅਰੋੜਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਸਿਰਫ਼ ਇਤਿਹਾਸ ਦੇ ਪੰਨਿਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਉਨ੍ਹਾਂ ਦੀ ਸੋਚ, ਦੇਸ਼ ਪ੍ਰਤੀ ਸਮਰਪਣ ਅਤੇ ਨਿਡਰਤਾ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਵਲੋਂ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ, ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਆਪਣੇ ਫਰਜ਼ਾਂ ਪ੍ਰਤੀ ਇਮਾਨਦਾਰ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵਿਰਸਾ ਸੰਭਾਲ ਮੰਚ ਦੇ ਅਹੁਦੇਦਾਰਾਂ ਤੋਂ ਇਲਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਵਿਚਾਰਧਾਰਾ ‘ਤੇ ਅਮਲ ਕਰਨ ਵਾਲੀਆਂ ਹੋਰ ਸ਼ਖ਼ਸੀਅਤਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਿੱਜਦਾ ਕੀਤਾ।