ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ੇਸ਼ ਲੋਕ ਅਦਾਲਤ ਲਗਾਈ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਚੈੱਕ ਫ਼ੇਲ੍ਹ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਹ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਲਗਾਈ ਗਈ ਸੀ।
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਚੈੱਕ ਫ਼ੇਲ੍ਹ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਹ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਲਗਾਈ ਗਈ ਸੀ। ਇਸ ਵਿਸ਼ੇਸ਼ ਲੋਕ ਅਦਾਲਤ ਲਈ ਜ਼ਿਲ੍ਹਾ ਪੱਧਰ ‘ਤੇ 19 ਬੈਂਚਾਂ ਅਤੇ ਉਪ ਮੰਡਲ ਪੱਧਰ (ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ) ਵਿਖੇ ਕੁੱਲ 12 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਲੋਂ ਚੈੱਕ ਬਾਉਂਸ ਨਾਲ ਸਬੰਧਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ 9480 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿਚੋਂ 3628 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 110,87,88,518/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਚੈੱਕ ਫ਼ੇਲ੍ਹ ਨਾਲ ਸਬੰਧਿਤ ਲੰਬਿਤ ਮਾਮਲਿਆਂ ਦਾ ਜਲਦ, ਸਸਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਵਾਉਣਾ ਸੀ, ਤਾਂ ਜੋ ਮੁਕੱਦਮੇਬਾਜ਼ਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ ਅਤੇ ਅਦਾਲਤਾਂ ਵਿਚ ਲੰਬਿਤ ਕੇਸਾਂ ਦੀ ਗਿਣਤੀ ਘਟੇ। ਇਸ ਮੌਕੇ ਨਿਆਇਕ ਅਧਿਕਾਰੀਆਂ ਵਲੋਂ ਲੋਕ ਅਦਾਲਤ ਰਾਹੀਂ ਸਮਝੌਤੇ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੱਧ ਤੋਂ ਵੱਧ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਹਰਪ੍ਰੀਤ ਕੌਰ ਰੰਧਾਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ, ਜਿਸ ਵਿਚ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਦੋਵੇਂ ਪਾਰਟੀਆਂ ਦੀ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।