ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਨਾਲ ਹੋ ਰਹੀ ਅਣਦੇਖੀ ਅਤੇ ਵਿਤਕਰਾ ਹੁਣ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਹੱਕ ਤੁਰੰਤ ਦੇਵੇ, ਤਾਂ ਜੋ ਸੂਬੇ ਦੇ ਵਿਕਾਸ ਕਾਰਜਾਂ ਨੂੰ ਗਤੀ ਮਿਲ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਲ ਹੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਸੂਬੇ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਗਿਆ | ਇਸ ਮੁਲਾਕਾਤ ਨੂੰ ਪੰਜਾਬ ਦੇ ਹਿੱਤਾਂ ਦੀ ਰੱਖਿਆ ਵੱਲ ਇਕ ਅਹਿਮ ਕਦਮ ਦੱਸਦੇ ਹੋਏ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੀ ਬਾਂਹ ਫੜੇ ਅਤੇ ਸੂਬੇ ਨੂੰ ਉਸਦੇ ਬਣਦੇ ਹੱਕ ਬਿਨਾਂ ਕਿਸੇ ਦੇਰੀ ਦੇ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਭੰਡਾਰ, ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਸੂਬੇ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਆਿਖ਼ਰ ਵਿਚ ਕਿਹਾ ਕਿ ਹੁਣ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਕਿ ਉਹ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਤੱਕ ਸੀਮਿਤ ਨਾ ਰਹੇ, ਸਗੋਂ ਠੋਸ ਅਤੇ ਢੁੱਕਵੇਂ ਫ਼ੈਸਲੇ ਲੈ ਕੇ ਪੰਜਾਬ ਨੂੰ ਉਸਦਾ ਹੱਕ ਦੇਵੇ |