ਚੰਡੀਗੜ੍ਹ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਤੇ ਹੁਣ ਤੱਕ ਕਰਜ਼ਾ 4.25 ਲੱਖ ਕਰੋੜ ਰੁਪਏ ਦੀ ਵੱਧ ਤੋਂ ਵੱਧ ਹੱਦ ਤੋਂ ਵੀ ਟੱਪ ਗਿਆ ਹੈ ਅਤੇ ਮੌਜੂਦਾ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੱਕ ਇਹ ਕਰਜ਼ਾ 5 ਲੱਖ ਕਰੋੜ ਰੁਪਏ ਟੱਪ ਜਾਵੇਗਾ ਅਤੇ ਇਸ ਨਾਲ ਕਰਜ਼ਾ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਦਾ 50 ਫੀਸਦੀ ਅਨੁਪਾਤ ਹੋ ਜਾਵੇਗਾ ਜਦਕਿ ਸੂਬੇ ਨੂੰ ਕੰਗਾਲ ਐਲਾਨ ਦਿੱਤਾ ਜਾਵੇਗਾ ਤੇ ਸੂਬੇ ਕੋਲ ਆਪਣੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਦੇ ਵੀ ਪੈਸੇ ਨਹੀਂ ਰਹਿਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸੀਨੀਅਰ ਆਗੂ ਐੱਨ. ਕੇ. ਸ਼ਰਮਾ ਨੇ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕਰਜ਼ੇ ਚੁੱਕ ਕੇ ਅਤੇ ਗਮਾਡਾ ਵਰਗੇ ਅਦਾਰਿਆਂ ਤੋਂ ਪੈਸਾ ਉਧਾਰ ਲੈ ਕੇ ਕੇਂਦਰੀ ਫ਼ੰਡਾਂ ਦੀ ਦੁਰਵਰਤੋਂ ਕਰਕੇ ਪੰਜਾਬ ਨੂੰ ਵਿੱਤੀ ਐਮਰਜੈਂਸੀ ਵੱਲ ਧੱਕ ਰਹੀ ਹੈ | ਸ਼ਰਮਾ ਨੇ ਕਿਹਾ ਕਿ 'ਆਪ' ਸਰਕਾਰ ਗਮਾਡਾ ਵਰਗੇ ਅਦਾਰਿਆਂ ਦੇ ਫੰਡਾਂ ਦਾ ਘੁਟਾਲਾ ਕਰਕੇ ਉਨ੍ਹਾਂ ਨੂੰ ਤਬਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੀ ਸਿਰਫ ਮੁਰੰਮਤ ਕੀਤੀ ਜਾ ਰਹੀ ਹੈ ਜਿਸ ਵਾਸਤੇ ਵਧਾ ਚੜ੍ਹਾ ਕੇ ਟੈਂਡਰ ਲਗਾਏ ਜਾ ਰਹੇ ਹਨ ਜਿਸ ਤੋਂ ਭਿ੍ਸ਼ਟਾਚਾਰ ਦੀ ਬਦਬੂ ਆ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੀ ਸ਼ੁਰੂਆਤ ਵੇਲੇ 5 ਲੱਖ ਵਿਦੇਸ਼ੀ ਸੈਲਾਨੀ ਪੰਜਾਬ ਆਉਂਦੇ ਸਨ ਜੋ ਸਰਕਾਰ ਦੇ ਕਾਰਜਕਾਲ ਦੀ ਸਮਾਪਤੀ ਵੇਲੇ ਵੱਧ ਕੇ 10 ਲੱਖ ਹੋ ਗਏ ਸਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਵਾਸਤੇ ਇਕ ਵੀ ਬੋਰਡ ਨਹੀਂ ਲਗਾਇਆ ਸਗੋਂ ਇਸ ਨੇ ਦੇਸ਼ ਭਰ ਦੇ ਸਾਰੇ ਹਵਾਈ ਅੱਡਿਆਂ 'ਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਦੇ ਇਸ਼ਤਿਹਾਰ ਲਗਾ ਦਿੱਤੇ ਹਨ |