ਐੱਸ. ਏ. ਐੱਸ. ਨਗਰ, 20 ਜਨਵਰੀ (ਕਪਿਲ ਵਧਵਾ)-ਮੁਹਾਲੀ ਅਦਾਲਤ ਨੇ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲਾਂ ਦੀ ਕੜੀ ਕੈਦ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਢਕੌਲੀ ਦੀ ਪੁਲਿਸ ਨੇ ਸਾਲ 2024 ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਆਈ. ਪੀ. ਸੀ. ਧਾਰਾ 376, 450 ਤੇ 506 ਤਹਿਤ ਮਾਮਲਾ ਦਰਜ ਕਰਕੇ ਪੰਚਕੂਲਾ ਇਲਾਕੇ ਦੇ ਰਹਿਣ ਵਾਲੇ ਦੀਪਕ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ ਵਿਚ ਗਿ੍ਫ਼ਤਾਰ ਵਿਅਕਤੀ 'ਤੇ ਇਹ ਦੋਸ਼ ਲੱਗੇ ਸਨ ਕਿ ਉਸ ਨੇ ਸ਼ਿਕਾਇਤਕਰਤਾ ਦੇ ਘਰ ਵਿਚ ਘੁਸਪੈਠ ਕਰਕੇ ਜਬਰ-ਜਨਾਹ ਦੀ ਗੰਭੀਰ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਦਰਜ ਕਰਕੇ ਉਸ ਦਾ ਮੈਡੀਕਲ ਕਰਵਾਉਣ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਸੀ | ਇਸ ਮਾਮਲੇ 'ਤੇ ਸੁਣਵਾਈ ਮੁਹਾਲੀ ਅਦਾਲਤ ਵਲੋਂ ਜੁਲਾਈ 2025 ਵਿਚ ਚਾਰਜਸ਼ੀਟ ਦਾਖ਼ਲ ਕੀਤੇ ਜਾਣ 'ਤੇ ਸ਼ੁਰੂ ਕੀਤੀ ਗਈ ਸੀ | ਅਦਾਲਤੀ ਕਾਰਵਾਈ ਦੌਰਾਨ ਦੋਵਾਂ ਧਿਰਾਂ ਵਲੋਂ ਵੱਖ-ਵੱਖ ਦਲੀਲਾਂ ਦਿੱਤੀਆਂ ਗਈਆਂ, ਜਿਸ ਦੌਰਾਨ ਬਚਾਅ ਪੱਖ ਨੇ ਦੀਪਕ ਕੁਮਾਰ ਦੀ ਘਰ ਵਿਚ ਘੁਸਪੈਠ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ, ਜਦਕਿ ਸਰਕਾਰੀ ਪੱਖ ਨੇ ਇਸ ਦਲੀਲ ਦਾ ਵਿਰੋਧ ਕੀਤਾ | ਕੁਝ ਹੀ ਮਹੀਨਿਆਂ ਵਿਚ ਫਾਸਟ ਟਰੈਕ ਅਦਾਲਤ ਨੇ ਤਮਾਮ ਸਬੂਤਾਂ ਅਤੇ ਗਵਾਹਾਂ ਦਾ ਨੋਟਿਸ ਲੈਂਦਿਆਂ ਦੀਪਕ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆ 10 ਸਾਲਾਂ ਦੀ ਕੈਦ ਸਮੇਤ ਜ਼ੁਰਮਾਨੇ ਦੀ ਸਜ਼ਾ ਸੁਣਾਈ |