ਚੰਡੀਗੜ੍ਹ, 28 ਜਨਵਰੀ (ਸੰਦੀਪ ਕੁਮਾਰ ਮਾਹਨਾ)ਪੰਜਾਬ ਦੀ ਸਿਆਸਤ 'ਚ ਉਸ ਵੇਲੇ ਵੱਡਾ ਮੋੜ ਆਇਆ, ਜਦੋਂ ਮਨਰੇਗਾ ਵਰਕਰਾਂ ਦੇ ਸੂਬਾ ਪੱਧਰੀ ਆਗੂ ਤੇ ਕਾਂਗਰਸ ਮਨਰੇਗਾ ਸੈੱਲ ਦੇ ਚੇਅਰਮੈਨ ਭੀਮ ਸਿੰਘ ਕੌਟਲੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਨਾਲ ਸੂਬੇ ਵਿਚ ਮਨਰੇਗਾ ਨਾਲ ਜੁੜੀ ਸਿਆਸਤ ਨੂੰ ਨਵੀਂ ਦਿਸ਼ਾ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ 'ਚ ਭੀਮ ਸਿੰਘ ਕੌਟਲੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਭਾਜਪਾ 'ਚ ਸ਼ਾਮਲ ਕਰਵਾਇਆ | ਭੀਮ ਸਿੰਘ ਕੌਟਲੀ ਨੇ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰਾਂ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਸਮੇਂ ਸਿਰ ਕੰਮ, ਪੂਰੀ ਮਜ਼ਦੂਰੀ ਅਤੇ ਸਨਮਾਨ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ 'ਵਿਕਸਤ ਭਾਰਤ ਜੀ ਰਾਮ ਜੀ' ਯੋਜਨਾ ਸਬੰਧੀ ਵੀ ਕਾਂਗਰਸ ਨੇ ਲੋਕਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੀ ਹੈ | ਕੌਟਲੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮਨਰੇਗਾ ਤੇ ਪੇਂਡੂ ਵਿਕਾਸ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਹੈ, ਜਿਸ ਦਾ ਸਿੱਧਾ ਲਾਭ ਗਰੀਬ ਅਤੇ ਮਜ਼ਦੂਰ ਵਰਗ ਨੂੰ ਮਿਲ ਰਿਹਾ ਹੈ | ਤਰੁਣ ਚੁੱਘ ਨੇ ਕਿਹਾ ਕਿ ਭੀਮ ਸਿੰਘ ਕੌਟਲੀ ਦਾ ਭਾਜਪਾ 'ਚ ਸ਼ਾਮਲ ਹੋਣਾ ਸਾਬਤ ਕਰਦਾ ਹੈ ਕਿ ਲੋਕ ਹੁਣ ਕਾਂਗਰਸ ਦੀ ਦੋਹਰੀ ਨੀਤੀ ਤੋਂ ਤੰਗ ਆ ਚੁੱਕੇ ਹਨ | ਪੰਜਾਬ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭੀਮ ਸਿੰਘ ਕੌਟਲੀ ਤੇ ਉਨ੍ਹਾਂ ਦੇ ਸਮਰਥਕਾਂ ਦੇ ਸ਼ਾਮਲ ਹੋਣ ਨਾਲ ਸੂਬੇ 'ਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਪੇਂਡੂ ਖੇਤਰਾਂ ਵਿਚ ਪਾਰਟੀ ਦੀ ਪਕੜ ਵਧੇਗੀ |