ਐੱਸ. ਏ. ਐੱਸ. ਨਗਰ, 28 ਜਨਵਰੀ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਓਾਕਾਰ ਸਿੰਘ ਹੁਸ਼ਿਆਰਪੁਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇ. ਬਾਬਾ ਦੀਪ ਸਿੰਘ ਜੀ ਦੇ ਜੀਵਨ ਬਿ੍ਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਸ਼ੌਕਿਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸਾਹਿਬ ਸਿੰਘ ਗੁਰਦੁਆਰਾ ਮੰਜੀ ਸਾਹਿਬ ਕੈਥਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਉਪਰੰਤ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਖੰਡੇ ਬਾਟੇ ਦੇ ਅੰਮਿ੍ਤ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸੇ ਦੌਰਾਨ ਭਾਈ ਗੁਰਦਿਆਲ ਸਿੰਘ, ਭਾਈ ਇੰਦਰ ਸਿੰਘ, ਬੀਬੀ ਮਨੂੰਪ੍ਰੀਆ ਕੌਰ ਦਿੱਲੀ ਵਾਲਿਆਂ, ਸੰਤ ਬਾਬਾ ਹਰਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ, ਭਾਈ ਸੰਦੀਪ ਸਿੰਘ, ਭਾਈ ਗੁਰਦੀਪ ਸਿੰਘ ਤੇ ਭਾਈ ਗੁਰਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |