ਐੱਸ. ਏ. ਐੱਸ. ਨਗਰ, 28 ਜਨਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਐੱਸ. ਐੱਸ. ਪੀ. ਦਫ਼ਤਰ ਅੱਗੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕਤਲ ਕਰਨ ਦੀ ਘਟਨਾ ਨੇ ਪੰਜਾਬ ਤੇ ਖਾਸ ਕਰਕੇ ਮੁਹਾਲੀ ਇਲਾਕੇ ਦੀ ਸੁਰੱਖਿਆ ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡਾ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਹੈ | ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਗੁੰਡਾ ਅਨਸਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਤੇ ਆਮ ਸ਼ਹਿਰੀਆਂ ਅੰਦਰ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਹਾਲੇ ਰਾਣਾ ਬਲਾਚੌਰੀਆ ਦੇ ਕਤਲ ਕਾਂਡ ਦੀ ਦਹਿਸ਼ਤ ਸ਼ਾਂਤ ਨਹੀਂ ਸੀ ਹੋਈ ਕਿ ਮੁਹਾਲੀ ਦੇ ਅਤਿ ਸੁਰੱਖਿਆ ਵਾਲੇ ਜ਼ਿਲ੍ਹਾ ਪ੍ਰਬੰਧਕੀ ਤੇ ਕੋਰਟ ਕੰਪਲੈਕਸ ਨੇੜੇ ਪੇਸ਼ੀ ਭੁਗਤਣ ਆਏ ਇਕ ਨੌਜਵਾਨ ਨੂੰ ਨੌਸਰਬਾਜਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ | ਇਹ ਸਭ ਕੁਝ ਉਥੇ ਵਾਪਰਿਆ ਜਿਥੇ ਕਿ ਐੱਸ. ਐੱਸ. ਪੀ. ਦਫ਼ਤਰ ਮੁਹਾਲੀ ਸਥਿਤ ਹੈ ਅਤੇ ਹਮੇਸ਼ਾ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਰਹਿੰਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਦੀ ਨਾਲਾਇਕੀ ਕਾਰਨ ਹੋ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਵਿਚ ਨਾਕਾਮ ਸਾਬਿਤ ਹੋ ਰਹੇ ਹਨ |