ਐੱਸ. ਏ. ਐੱਸ. ਨਗਰ, 17 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੋਰਡ ਆਫ਼ ਡਾਇਰੈਕਟਰਜ਼ ਦੀ ਮਹੱਤਵਪੂਰਨ ਮੀਟਿੰਗ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦਾ ਸਾਲ 2026-27 ਦਾ ਸਾਲਾਨਾ ਬਜਟ ਪਾਸ ਕੀਤਾ ਗਿਆ | ਇਸ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਨਾਲ ਸੰਬੰਧਿਤ ਵੱਖ-ਵੱਖ ਏਜੰਡਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ, ਉਪਰੰਤ ਸਾਲ 2026-27 ਲਈ 6330.79 ਕਰੋੜ ਰੁ. ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਦੇ ਨਾਲ ਹੀ ਭਵਿੱਖ ਲਈ ਕਈ ਅਹਿਮ ਫ਼ੈਸਲੇ ਲਏ ਗਏ | ਇਸ ਦੌਰਾਨ ਮੰਡੀ ਬੋਰਡ ਨਾਲ ਸੰਬੰਧਿਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲੀ-ਜਾਮਾ ਪਹਿਨਾਉਣ ਦਾ ਫ਼ੈਸਲਾ ਲਿਆ ਗਿਆ ਤੇ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਪਿਛਲੀ ਮੀਟਿੰਗ 'ਚ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ 'ਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਆਧੁਨਿਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਡੀ ਪ੍ਰਣਾਲੀ ਨੂੰ ਸੁਚੱਜਾ ਅਤੇ ਕਿਸਾਨ ਹਿਤੈਸ਼ੀ ਬਣਾਉਣਾ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੀ ਭਲਾਈ ਹੀ ਸਾਡੀ ਮੁੱਖ ਤਰਜ਼ੀਹ ਹੈ | ਇਸ ਦੇ ਨਾਲ ਹੀ ਸੂਬੇ 'ਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਇਸ ਦਿਸ਼ਾ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੀਟਿੰਗ 'ਚ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ ਪੰਜਾਬ ਮੰਡੀ ਬੋਰਡ, ਡਾ. ਸੁਖਪਾਲ ਸਿੰਘ ਚੇਅਰਮੈਨ ਫਾਰਮਰਜ਼ ਕਮਿਸ਼ਨ ਪੰਜਾਬ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਭੋਖੜਾ, ਬਲਜਿੰਦਰ ਸਿੰਘ, ਮਨਜੀਤ ਕੌਰ ਸਹੋਤਰਾ ਉਪ ਸਕੱਤਰ, ਜਸਮਿੰਦਰ ਸਿੰਘ ਉਪ ਸਕੱਤਰ, ਅਮਨਪ੍ਰੀਤ ਵਰਮਾ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ, ਬੇਅੰਤ ਸਿੰਘ ਸਹਾਇਕ ਮਾਰਕੀਟਿੰਗ ਅਫ਼ਸਰ ਖੇਤੀਬਾੜੀ ਵਿਭਾਗ ਪੰਜਾਬ, ਜਤਿੰਦਰਪਾਲ ਸਿੰਘ ਜੁਆਇੰਟ ਰਜਿਸਟਰਾਰ ਕੋ-ਆਪ੍ਰੇਟਿਵ ਸੁਸਾਇਟੀਜ਼ ਪੰਜਾਬ, ਡਾ. ਸ਼ੇਖ ਮੁਹੰਮਦ ਮੋਅਜ਼ਨ ਅਸਿਸਟੈਂਟ ਪ੍ਰੋ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਅਮਨਦੀਪ ਸਿੰਘ ਸੰਧੂ ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਪੰਜਾਬ, ਮਨੀਸ਼ ਨਰੂਲਾ ਜੁਆਇੰਟ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਆਦਿ ਵੀ ਹਾਜ਼ਰ ਸਨ |