ਕੁਰਾਲੀ, 17 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਦਰਸ਼ਨ ਸਿੰਘ (60) ਪੁੱਤਰ ਮੁਖਤਿਆਰ ਸਿੰਘ ਵਾਸੀ ਕੁਰਾਲੀ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਰੋਪੜ ਦੇ ਚੌਕੀ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਦੇਰ ਸ਼ਾਮ ਪੁਲਿਸ ਨੂੰ ਇਸ ਹਾਦਸੇ ਸੰਬੰਧੀ ਸੂਚਨਾ ਮਿਲੀ ਕਿ ਇਕ ਵਿਅਕਤੀ ਗੱਡੀ ਦੀ ਲਪੇਟ 'ਚ ਆ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਉਨ੍ਹਾਂ ਵਲੋਂ ਐਬੂਲੈਂਸ ਨੂੰ ਸੂਚਨਾ ਦਿੱਤੀ ਗਈ | ਇਸੇ ਦੌਰਾਨ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ, ਪਰ ਉਦੋਂ ਤੱਕ ਦਰਸ਼ਨ ਸਿੰਘ ਦੀ ਮੌਤ ਹੋ ਚੁੱਕੀ ਸੀ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਮਿ੍ਤਕ ਕੁਰਾਲੀ ਤੋਂ ਮੋਰਿੰਡਾ ਜਾਣ ਲਈ ਟ੍ਰੇਨ 'ਚ ਸਵਾਰ ਹੋ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ | ਇਸੇ ਦੌਰਾਨ ਪੁਲਿਸ ਨੇ 194 ਬੀ ਦੀ ਧਾਰਾ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਦੀ ਟੀਮ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ |