ਚੰਡੀਗੜ੍ਹ, 19 ਫਰਵਰੀ (ਅਜਾਇਬ ਸਿੰਘ ਔਜਲਾ)-ਕੌਮਾਂਤਰੀ ਮਾਂ-ਬੋਲੀ ਦਿਵਸ 21 ਫਰਵਰੀ ਦੇ ਮੌਕੇ 'ਤੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਮੂਹ ਪੰਜਾਬੀ ਪ੍ਰੇਮੀਆਂ ਵਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਇਸ ਨਾਲ ਸੰਬੰਧਿਤ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਮੰਗ ਪੱਤਰ ਭੇਜੇ ਜਾਣਗੇ | ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਕੌਮ ਦੀ ਤਰੱਕੀ ਉਸ ਦੀ ਮਾਤ ਭਾਸ਼ਾ ਨਾਲ ਜੁੜੀ ਹੁੰਦੀ ਹੈ ਤੇ ਪੰਜਾਬੀ ਭਾਸ਼ਾ ਨੂੰ ਉਸਦਾ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਸਰਕਾਰ ਵਲੋਂ ਢੁੱਕਵੇਂ ਅਤੇ ਠੋਸ ਕਦਮ ਚੁੱਕਣ ਦੀ ਲੋੜ ਹੈ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਕੂਲਾਂ ਅਤੇ ਕਾਲਜਾਂ ਵਿਚ ਪੰਜਾਬੀ ਵਿਸ਼ੇ ਦੀਆਂ ਖ਼ਾਲੀ ਅਸਾਮੀਆਂ 'ਤੇ ਅਧਿਆਪਕਾਂ ਦੀ ਤੁਰੰਤ ਪੱਕੀ ਭਰਤੀ ਕੀਤੀ ਜਾਵੇ ਤਾਂ ਜੋ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ ਨਾਲ ਜੁੜੀ ਰਹੇ | ਕੇਂਦਰੀ ਪੰਜਾਬੀ ਲੇਖਕ ਨੇ ਕਿਹਾ ਕਿ ਪੰਜਾਬੀ ਭਾਸ਼ਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਇਕ ਸ਼ਕਤੀਸ਼ਾਲੀ ਪੰਜਾਬੀ ਭਾਸ਼ਾ ਟਿ੍ਬਿਊਨਲ ਬਣਾਇਆ ਜਾਵੇ ਅਤੇ ਨਿੱਜੀ ਸਕੂਲਾਂ ਵਿਚ ਪੰਜਾਬੀ ਬੋਲਣ 'ਤੇ ਵਿਦਿਆਰਥੀਆਂ ਨੂੰ ਕੀਤੇ ਜਾਣ ਵਾਲੇ ਜੁਰਮਾਨਿਆਂ 'ਤੇ ਤੁਰੰਤ ਕਾਨੂੰਨੀ ਰੋਕ ਲਗਾਈ ਜਾਵੇ | ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਪੰਜਾਬੀ ਮਾਂ-ਬੋਲੀ ਦੀ ਹੋਂਦ ਅਤੇ ਪ੍ਰਫੁੱਲਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਤੇ ਪ੍ਰਭਾਵਸ਼ਾਲੀ ਕਦਮ ਚੁੱਕੇਗੀ |