'ਗੈਂਗਸਟਰਾਂ 'ਤੇ ਵਾਰ' ਦਾ 30ਵਾਂ ਦਿਨ : ਪੰਜਾਬ ਪੁਲਿਸ ਵਲੋਂ 645 ਥਾਈਾ ਛਾਪੇਮਾਰੀ, 236 ਗਿ੍ਫ਼ਤਾਰ
ਅਜੀਤ ਡੈਸਕ
20-02-2026
ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 645 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ'-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 10,214 ਹੋ ਗਈ ਹੈ | ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 121 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 355ਵੇਂ ਦਿਨ ਵੀ ਜਾਰੀ ਰੱਖਦਿਆਂ, 100 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 7.7 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 6631 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਦੇ ਨਾਲ ਸਿਰਫ 355 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,338 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |