ਡੇਰਾਬਸੀ, 1 ਮਾਰਚ (ਰਣਬੀਰ ਸਿੰਘ ਪੜ੍ਹੀ)-ਮਨੁੱਖਤਾ ਦੀ ਸੇਵਾ ਅਤੇ ਖੂਨਦਾਨ-ਮਹਾਂਦਾਨ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਅੱਜ ਪਿੰਡ ਰਾਮਪੁਰ ਸੈਣੀਆਂ ਦੇ ਕਮਿਊਨਿਟੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 11ਵਾਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਖੂਨਦਾਨੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਰਕੇ ਰਿਕਾਰਡ 112 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਕੈਂਪ ਦਾ ਰਸਮੀ ਉਦਘਾਟਨ ਉੱਘੇ ਸਮਾਜਿਕ ਕਾਰਜਕਰਤਾ ਅਤੇ ਖੁਦ ਕਈ ਵਾਰ ਖੂਨਦਾਨ ਕਰ ਚੁੱਕੇ ਗੁਰਮਾਨ ਸੈਣੀ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ 'ਚ ਅਜਿਹੇ ਕਾਰਜ ਕਰਨਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ | ਕੈਂਪ ਦੇ ਮੁੱਖ ਪ੍ਰਬੰਧਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਚੰਡੀਗੜ੍ਹ ਤੋਂ ਡਾ. ਅੰਗਦ ਗਿੱਲ ਅਤੇ ਡਾ. ਅਨੀਸ਼ ਕਾਂਸਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਡਾਕਟਰੀ ਟੀਮ ਨੇ ਖੂਨਦਾਨੀਆਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਉਨ੍ਹਾਂ ਦੇ ਖੂਨਦਾਨ ਕਰਨ ਉਪਰੰਤ ਖੂਨ ਇਕੱਤਰ ਕੀਤਾ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ |