ਐੱਸ. ਏ. ਐੱਸ ਨਗਰ, 1 ਮਾਰਚ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡ ਕੁਰੜਾ ਵਿਖੇ ਅੱਜ ਇਕ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਵਾਇਆ ਗਿਆ | ਇਸ ਕੈਂਪ ਦੌਰਾਨ ਕੁੱਲ 255 ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ | ਇਸ ਕੈਂਪ 'ਚ ਦੰਦਾਂ ਦੀ ਜਾਂਚ, ਸਕੇਲਿੰਗ, ਦੰਦ ਕੱਢਣ, ਫਿਲਿੰਗ ਸਮੇਤ ਮੂੰਹ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਗਿਆ | ਇਸ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਟੈਸਟ, ਅੱਖਾਂ ਦੀ ਜਾਂਚ ਅਤੇ ਮਹਿਲਾਵਾਂ ਦੀ ਸਿਹਤ ਸੰਬੰਧੀ ਜਾਂਚ ਕੀਤੀ ਗਈ | ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 55 ਪਰਿਵਾਰਾਂ ਦੇ ਹੈਲਥ ਕਾਰਡ ਵੀ ਬਣਾਏ ਗਏ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਪਿੰਡ ਪੱਧਰ 'ਤੇ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਸਮੇਂ ਦੀ ਲੋੜ ਹੈ | ਅੰਤ 'ਚ ਡਾ. ਆਹਲੂਵਾਲੀਆ ਨੇ ਪਿੰਡ ਕੁਰੜਾ ਦੇ ਸਰਪੰਚ ਮੁਖਤਿਆਰ ਸਿੰਘ, ਜਗਵੀਰ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਜੀਤ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਹਰਨੇਕ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਦਾ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਧੰਨਵਾਦ ਕੀਤਾ |