ਚੰਡੀਗੜ੍ਹ, 26 ਮਾਰਚ (ਅÏਜਲਾ)- ਸਥਾਨਕ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਪੈਨਸ਼ਨਰਜ਼ ਕਰਮਚਾਰੀ ਵੈੱਲਫੇਅਰ ਸੰਸਥਾ ਵਲੋਂ ਆਪਣੇ ਇਕ ਸੋਗ ਮਤੇ ਰਾਹੀਂ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਅੰਮਿ੍ਤਸਰ ਦੇ ਡੀ.ਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇਸ ਸਬੰਧੀ ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਸਿਵੀਆ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੇ ਇਸ ਕੇਸ ਉਪਰੰਤ ਵੇਖਣ ਵਾਲੀ ਗੱਲ ਹੈ ਕਿ ਪੰਜਾਬ ਵਿਚ ਸਰਕਾਰੀ ਮੁਲਾਜ਼ਮ ਕਿੰਨੇ ਅਣਸੁਖਾਵੇਂ ਮਾਹੌਲ ਵਿਚ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਿਚ ਚਿੰਤਾਵਾਂ ਜ਼ਰੂਰ ਖੜ੍ਹੀਆਂ ਹੁੰਦੀਆਂ ਹਨ | ਅਮਰਜੀਤ ਸਿੰਘ ਸਿਵੀਆ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਇਹ ਸੋਚਣ ਵਾਲੀ ਗੱਲ ਜ਼ਰੂਰ ਹੈ ਕਿ ਇਕ ਯੋਗ ਪੜ੍ਹੇ ਲਿਖੇ ਅਧਿਕਾਰੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣਾ ਕਈ ਤਰ੍ਹਾਂ ਦੇ ਸਵਾਲ ਜ਼ਰੂਰ ਖੜੇ੍ਹ ਕਰਦੀ ਹੈ |