ਚੰਡੀਗੜ੍ਹ, 1 ਅਪ੍ਰੈਲ 2026 (ਅਜੀਤ ਬਿਊਰੋ)-ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ | ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ 'ਤੇ ਜੋਗਿੰਦਰਾ ਕਾਸਟਿੰਗ ਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਿਲ ਹੈ | ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਗਰੁੱਪ ਦੀ ਅਗਵਾਈ ਸੀ.ਐਮ.ਡੀ. ਆਦਰਸ਼ ਗਰਗ ਵਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ | ਇਸ ਸਬੰਧੀ ਖੇਤਰੀ ਪ੍ਰਭਾਵ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾਂ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ |