ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)-ਸਾਬਕਾ ਕੌਸਲਰ ਪ੍ਰਦੀਪ ਕੁਮਾਰ ਰੂੜਾ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ | ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰਦੀਪ ਕੁਮਾਰ ਰੂੜਾ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪ੍ਰਦੀਪ ਕੁਮਾਰ ਰੂੜਾ ਕਰੀਬ ਤਿੰਨ ਸਾਲ ਪਹਿਲਾਂ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ ਹੋਏ ਸਨ, ਪਰ ਹੁਣ ਉਨ੍ਹਾਂ ਨੇ ਦੁਬਾਰਾ ਅਕਾਲੀ ਦਲ 'ਚ ਘਰ ਵਾਪਸੀ ਕੀਤੀ ਹੈ | ਇਸ ਮੌਕੇ ਪ੍ਰਦੀਪ ਕੁਮਾਰ ਰੂੜਾ ਨੇ ਕਿਹਾ ਕਿ ਦਿੱਲੀ ਦੀ ਦਖ਼ਲਅੰਦਾਜ਼ੀ ਅਤੇ 'ਆਪ' ਦੀਆਂ ਨੀਤੀਆਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ 'ਚ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੇ ਮੁੜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ | ਇਸੇ ਦੌਰਾਨ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪ੍ਰਦੀਪ ਕੁਮਾਰ ਰੂੜਾ ਦੇ ਪਾਰਟੀ 'ਚ ਆਉਣ ਨਾਲ ਸ਼ਹਿਰ ਹੀ ਨਹੀਂ ਸਗੋਂ ਹਲਕੇ 'ਚ ਅਕਾਲੀ ਦਲ ਨੂੰ ਬਲ ਮਿਲਿਆ ਹੈ | ਜ਼ਿਕਰਯੋਗ ਹੈ ਕਿ ਪ੍ਰਦੀਪ ਕੁਮਾਰ ਰੂੜਾ ਪਹਿਲਾਂ ਵੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤੇ ਕਾਂਗਰਸ ਦੇ ਸੀਨੀਅਰ ਆਗੂ ਰਹਿ ਚੁੱਕੇ ਹਨ | ਇਸ ਮੌਕੇ ਹਰਦੀਪ ਸਿੰਘ ਖਿਜ਼ਰਾਬਾਦ ਸਮੇਤ ਹੋਰ ਆਗੂ ਵੀ ਹਾਜ਼ਰ ਸਨ |