ਖਰੜ ਸ਼ਹਿਰ ਦੇ ਹਾਲਾਤ ਖੋਲ੍ਹ ਰਹੇ ਨੇ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ <br/>
ਅਜੀਤ ਡੈਸਕ
17-05-2026
ਖਰੜ, 16 ਮਈ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਅੰਦਰ ਵਿਕਾਸ ਕਾਰਜਾਂ ਸੰਬੰਧੀ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸੇ ਸਮੱਸਿਆ ਦੇ ਹੱਲ ਲਈ ਆਖੇ ਜਾਣ 'ਤੇ ਨਗਰ ਕੌਂਸਲ ਦੇ ਅਧਿਕਾਰੀ ਫ਼ੋਨ ਚੁੱਕਣਾ ਹੀ ਬੰਦ ਕਰ ਦਿੰਦੇ ਹਨ | ਪੁਰਾਣੀ ਸੰਨੀ ਇਨਕਲੇਵ ਖਰੜ ਵਿਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਸੜਕਾਂ 'ਤੇ ਘੁੰਮ ਰਿਹਾ ਹੈ ਪਰ ਕੌਂਸਲ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਇਸ ਸਮੱਸਿਆ ਨੂੰ ਹੱਲ ਨਹੀਂ ਕਰਵਾਇਆ ਗਿਆ | ਪੁਰਾਣੀ ਸੰਨੀ ਇਨਕਲੇਵ ਦੇ ਹਰਿੰਦਰਪਾਲ ਸਿੰਘ ਸਮੇਤ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਜਦੋਂ ਇਹ ਸਮੱਸਿਆ ਪੈਦਾ ਹੋਈ ਤਾਂ ਉਨ੍ਹਾਂ ਕੌਂਸਲ ਦੇ ਜੇ. ਈ. ਨੂੰ ਫ਼ੋਨ ਕਰਨਾ ਸ਼ੁਰੂ ਕਰ ਦਿੱਤਾ | ਪਹਿਲਾਂ ਤਾਂ ਉਨ੍ਹਾਂ ਇਕ ਦੋ ਵਾਰੀ ਫ਼ੋਨ ਚੁੱਕ ਕੇ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਪਰ ਜਦੋਂ ਸਮੱਸਿਆ ਹੱਲ ਨਾ ਹੋਈ ਤਾਂ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ | ਉਨ੍ਹਾਂ ਕਿਹਾ ਕਿ ਇਸ ਕਾਲੋਨੀ ਵਿਚ ਇੰਨਾ ਮਾੜਾ ਹਾਲ ਹੈ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਜਾਂ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੇ ਅਜਿਹੇ ਹਾਲਾਤ ਸਰਕਾਰ ਵਲੋਂ ਵਿਕਾਸ ਸੰਬੰਧੀ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਦੇ ਨਜ਼ਰ ਆ ਰਹੇ ਹਨ |