ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਸਿਆਸੀ ਸਰਗਰਮੀਆਂ ਉਸ ਸਮੇਂ ਸਿਖਰਾਂ 'ਤੇ ਪਹੁੰਚ ਗਈਆਂ, ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ | ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਖ਼ੁਦ ਚੋਣ ਨਹੀਂ ਲੜ ਰਹੇ, ਸਗੋਂ ਹਲਕੇ ਦੇ ਵੱਖ-ਵੱਖ ਵਾਰਡਾਂ ਤੋਂ ਪਾਰਟੀ ਦੇ ਐਮ.ਸੀ. ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਅੱਜ ਹਲਕਾ ਡੇਰਾਬੱਸੀ ਅਧੀਨ ਆਉਂਦੇ ਜ਼ੀਰਕਪੁਰ 'ਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ 'ਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਮੌਜੂਦਾ ਮਾਹੌਲ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੂਰੇ ਸ਼ਹਿਰ 'ਚ ਚੋਣਾਂ ਵਰਗਾ ਤਣਾਅਪੂਰਨ ਮਾਹੌਲ ਨਹੀਂ, ਸਗੋਂ ਖੁਸ਼ੀ ਤੇ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ | ਪਿਛਲੀਆਂ ਸਰਕਾਰਾਂ ਦੇ ਕਾਰਜਕਾਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਨਗਰ ਕੌਂਸਲ, ਸਰਪੰਚੀ ਜਾਂ ਬਲਾਕ ਸੰਮਤੀ ਦੀਆਂ ਚੋਣਾਂ ਹੁੰਦੀਆਂ ਸਨ ਤਾਂ ਸੱਤਾਧਾਰੀ ਧਿਰਾਂ ਵਲੋਂ ਚੋਣਾਂ 'ਚ ਧੱਕੇਸ਼ਾਹੀ ਕੀਤੀ ਜਾਂਦੀ ਸੀ | ਵਿਰੋਧੀਆਂ ਦੇ ਨਾਮਜ਼ਦਗੀ ਪੇਪਰ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾਂਦਾ ਸੀ | 'ਉਤਰ ਕਾਟੋ, ਮੈਂ ਚੜ੍ਹਾਂ' ਦੀ ਨੀਤੀ ਤਹਿਤ ਕਦੇ ਅਕਾਲੀਆਂ ਦੀ ਵਾਰੀ ਹੁੰਦੀ ਸੀ ਤੇ ਕਦੇ ਕਾਂਗਰਸ ਦੀ | ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਤੰਤਰ ਦੀਆਂ ਅਸਲ ਕਦਰਾਂ-ਕੀਮਤਾਂ ਨੂੰ ਬਹਾਲ ਕੀਤਾ ਹੈ | ਇਸ ਵਾਰ ਚੋਣਾਂ 'ਚ ਕਿਸੇ ਨਾਲ ਵੀ ਧੱਕਾ ਨਹੀਂ ਕੀਤਾ ਜਾ ਰਿਹਾ ਤੇ ਹਰ ਯੋਗ ਵਿਅਕਤੀ ਨੂੰ ਚੋਣ ਲੜਨ ਦਾ ਖੁੱਲ੍ਹਾ ਮੌਕਾ ਦਿੱਤਾ ਗਿਆ ਹੈ ਤਾਂ ਜੋ ਹਰ ਕੋਈ ਆਪਣੀ ਸਿਆਸੀ ਕਿਸਮਤ ਅਜ਼ਮਾ ਸਕੇ | ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਵੋਟ ਪਾਉਣ ਸਮੇਂ ਪਿਛਲੇ 40 ਸਾਲਾਂ ਦੇ ਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਮਹਿਜ਼ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਜ਼ਰੂਰ ਕਰਨ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਰਿਕਾਰਡ-ਤੋੜ ਵਿਕਾਸ ਕਾਰਜ ਕੀਤੇ ਹਨ, ਜੋ ਕਿ ਪਿਛਲੀਆਂ ਸਰਕਾਰਾਂ ਦਹਾਕਿਆਂ 'ਚ ਵੀ ਨਹੀਂ ਕਰਵਾ ਸਕੀਆਂ | ਉਨ੍ਹਾਂ ਪੁਰਾਣੀਆਂ ਕਮੇਟੀਆਂ ਦੇ ਕੰਮਕਾਜ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਲੋਕ ਨਾਕਸ ਪ੍ਰਬੰਧਾਂ, ਟੁੱਟੀਆਂ ਗਲੀਆਂ ਅਤੇ ਨਾਲੀਆਂ ਦੀ ਮਾੜੀ ਹਾਲਤ ਕਾਰਨ ਬੇਹੱਦ ਪ੍ਰੇਸ਼ਾਨ ਸਨ ਪਰ 'ਆਪ' ਸਰਕਾਰ ਨੇ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਕੰਮ ਕੀਤਾ ਹੈ | ਅੰਤ 'ਚ ਉਨ੍ਹਾਂ ਪਾਰਟੀ ਨਾਲ ਜੁੜੇ ਪੁਰਾਣੇ ਤੇ ਨਵੇਂ ਐਮ. ਸੀ. ਉਮੀਦਵਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਲਈ ਪਾਰਟੀ ਦਾ ਸਾਥ ਦਿੱਤਾ ਹੈ |