ਐੱਸ. ਏ. ਐੱਸ. ਨਗਰ, 18 ਅਗਸਤ (ਕਪਿਲ ਵਧਵਾ)- ਸਥਾਨਕ ਫੇਜ਼-1 ਸਥਿਤ ਥਾਣੇ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਕੀਤੀਆਂ 10 ਮੋਟਰਸਾਈਕਲਾਂ ਅਤੇ 8 ਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ੍ਰੀ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਤੇ ਰੋਹਿਤ ਸਿੰਘ ਅਤੇ ਪਿੰਡ ਕੁਭੰੜਾ ਦੇ ਰਹਿਣ ਵਾਲੇ ਕਰਨ ਸ਼ਰਮਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਰਣਜੀਤ ਸਿੰਘ ਮੁਹਾਲੀ ਤੋਂ ਮੋਟਰਸਾਈਕਲ ਚੋਰੀ ਕਰਕੇ ਆਪਣੇ ਪਿੰਡ ਵੱਲ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਥਾਣੇਦਾਰ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਲਾਕੇ ‘ਚ ਨਾਕਾਬੰਦੀ ਕਰਕੇ ਰਣਜੀਤ ਸਿੰਘ ਨੂੰ ਚੋਰੀ ਦੀ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਦੋ ਸਾਥੀਆਂ ਰੋਹਿਤ ਸਿੰਘ ਅਤੇ ਕਰਨ ਸ਼ਰਮਾ ਨੂੰ ਵੀ ਮਾਮਲੇ ‘ਚ ਨਾਮਜ਼ਦ ਕਰ ਲਿਆ। ਬਾਅਦ ਕਰਨ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਰੋਹਿਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਤਿੰਨਾਂ ਦੀ ਨਿਸ਼ਾਨਦੇਹੀ ‘ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਕੁੱਲ 10 ਮੋਟਰਸਾਈਕਲ ਅਤੇ 8 ਸਾਈਕਲ ਬਰਾਮਦ ਹੋਏ ਹਨ। ਪੁਲਿਸ ਵਲੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।