ਐੱਸ. ਏ. ਐੱਸ. ਨਗਰ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸਥਾਨਕ ਸੈਕਟਰ-78 ਅਤੇ ਸੈਕਟਰ-79 ਤੋਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਦਕਿ ਤੀਜੀ ਬੱਸ ਪਿੰਡ ਮੌਜ਼ਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਸੈਕਟਰ-78 ਤੋਂ ਕੌਂਸਲਰ ਸ਼ਰਨਜੀਤ ਕੌਰ ਅਤੇ ਸੈਕਟਰ-79 ਤੋਂ ਕੌਂਸਲਰ ਹਰਜੀਤ ਸਿੰਘ ਭੋਲੂ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਜ ਤਿੰਨ ਹੋਰ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿਧਾਨ ਸਭਾ ਹਲਕੇ ‘ਚ 254 ਬੂਥ ਹਨ ਅਤੇ ਯੋਜਨਾ ਤਹਿਤ ਘੱਟੋ-ਘੱਟ ਇਕ ਬੱਸ ਹਰ ਬੂਥ ਤੋਂ ਰਵਾਨਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ 254 ਬੱਸਾਂ ਰਵਾਨਾ ਕਰਨ ਤੋਂ ਬਾਅਦ ਵੀ ਯਾਤਰਾ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਿਆਮ, ਸਾਲਾਸਰ ਅਤੇ ਵਰਿੰਦਾਵਨ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਯਾਤਰਾ ਲਈ ਸਲੀਪਰ ਬੱਸਾਂ ਅਤੇ ਏ. ਸੀ. ਬੱਸਾਂ ਦੀ ਵਿਵਸਥਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਿਹਾਇਸ਼ ਦੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਬੱਸਾਂ ‘ਚ ਉਨ੍ਹਾਂ ਦੇ ਨਾਲ ਗਾਈਡ ਅਤੇ ਡਾਕਟਰ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ। ਇਸ ਮੌਕੇ ਡਿਪਟੀ ਮੇਅਰ, ਮੋਹਾਲੀ ਨਗਰ ਨਿਗਮ ਹਰਪਾਲ ਸਿੰਘ ਚੰਨਾ, ਭੁਪਿੰਦਰ ਸਿੰਘ ਜੌਹਲ, ਅਵਤਾਰ ਸਿੰਘ ਮੌਲੀ, ਦੀਦਾਰ ਸਿੰਘ ਅਤੇ ਮੇਜਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਮੌਜਪੁਰ ਵਿਖੇ ਸਰਪੰਚ ਸੰਦੀਪ ਕੌਰ, ਸੁਖਵਿੰਦਰ ਸਿੰਘ ਮਿੱਠਾ, ਪੰਚ ਗੁਰਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ ਅਤੇ ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਵੀ ਮੌਜੂਦ ਸਨ।