ਹਾਲੀਆ ਘਟਨਾਵਾਂ ਦਾ ਹਵਾਲਾ ਦੇ ਕੇ ਮਾਨ ਸਰਕਾਰ ਦੀ ਅਮਨ-ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ’ਚ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ’ਚ ਸਾਹਮਣੇ ਆ ਰਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਸੰਗਰੂਰ, ਸੁਨਾਮ, ਅਬੋਹਰ ਅਤੇ ਜਲਾਲਾਬਾਦ ਦੀਆਂ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ।
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ’ਚ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ’ਚ ਸਾਹਮਣੇ ਆ ਰਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਸੰਗਰੂਰ, ਸੁਨਾਮ, ਅਬੋਹਰ ਅਤੇ ਜਲਾਲਾਬਾਦ ਦੀਆਂ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ। ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਿਹਾ ਕਿ ਪੰਜਾਬ ’ਚ ਚੱਲ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਸੂਬੇ ’ਚ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਤੰਜ਼ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਥਾਂ ‘ਯੁੱਧ ਪੰਜਾਬ ਵਿਰੁੱਧ’ ਚੱਲ ਰਿਹਾ ਹੈ। ਉਨ੍ਹਾਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਦੇ ਮੋਹਨਜੀਤ ਨਾਲ ਸਤੰਬਰ ਮਹੀਨੇ ’ਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨਾਲ ਕਥਿਤ ਤੌਰ ’ਤੇ ਪੁਲਿਸ ਹਿਰਾਸਤ ’ਚ ਮਾੜਾ ਵਤੀਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਦੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀਆਂ ਹਨ। ਜਾਖੜ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁਰਬੰਜ਼ਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਹਵਾਲਾ ਦਿੰਦਿਆਂ ਵੀ ਸਰਕਾਰ ’ਤੇ ਸਵਾਲ ਉਠਾਏ। ਜਾਖੜ ਨੇ ਦਾਅਵਾ ਕੀਤਾ ਕਿ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦੇ ਹਾਲਾਤ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸੰਗਰੂਰ ਦੇ ਪਿੰਡ ਕਨੋਈ ਦੇ ਸਨਮਦੀਪ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਦੌਰਾਨ ਹੋਈ ਪੁਲਿਸ ਕਾਰਵਾਈ ’ਤੇ ਵੀ ਸਵਾਲ ਚੁੱਕੇ।ਸਨਮਦੀਪ ਮਾਮਲੇ ਦਾ ਹਵਾਲਾ ਦਿੰਦਿਆਂ ਜਾਖੜ ਨੇ ਦੋਸ਼ ਲਗਾਇਆ ਕਿ ਪਰਿਵਾਰ ਨੂੰ ਪੁਲਿਸ ਹਿਰਾਸਤ ’ਚ ਰੱਖਿਆ ਗਿਆ ਅਤੇ ਉਨ੍ਹਾਂ ਦੀ ਸਹਿਮਤੀ ਤੇ ਮੌਜੂਦਗੀ ਤੋਂ ਬਿਨਾਂ ਸਸਕਾਰ ਕਰਵਾ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਅਜਿਹੀ ਪ੍ਰਕਿਰਿਆ ਰਾਹੀਂ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਅਬੋਹਰ ਦੀ ਦਾਣਾ ਮੰਡੀ ’ਚ 1 ਅਕਤੂਬਰ ਨੂੰ ਹੋਈ ਹਿੰਸਕ ਘਟਨਾ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਗੋਲੀਆਂ ਚੱਲਣ ਅਤੇ ਵਾਹਨਾਂ ਦੀ ਭੰਨਤੋੜ ਵਰਗੀਆਂ ਘਟਨਾਵਾਂ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।