12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੀਟਿੰਗ

ਐੱਸ. ਏ.

ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੁਹਾਲੀ ‘ਚ ਜ਼ਮੀਨ ਐਕਵਾਇਰ ਕਰਨ, ਮੁਆਵਜ਼ੇ ਦੀ ਅਦਾਇਗੀ ਅਤੇ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ‘ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਵਿਕਾਸ ਪ੍ਰਾਜੈਕਟਾਂ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਨਾਲ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ, ਮੂਲ ਜ਼ਮੀਨ ਮਾਲਕਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ। ਇਸ ‘ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਲਾਕੇ ਦੇ ਯੋਜਨਾਬੱਧ ਵਿਕਾਸ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਵੀ ਲਾਜ਼ਮੀ ਹੈ, ਜਿਨ੍ਹਾਂ ਨੇ ਵਿਕਾਸ ਕਾਰਜਾਂ ਲਈ ਆਪਣੀਆਂ ਜ਼ਮੀਨਾਂ ਦਿੱਤੀਆਂ ਹਨ। ਮੀਟਿੰਗ ਦੌਰਾਨ ਖਾਸ ਤੌਰ ‘ਤੇ ਏਅਰੋਟ੍ਰੋਪੋਲਿਸ ਦੇ ਸੈਕਟਰ ਬੀ, ਸੀ ਅਤੇ ਡੀ ‘ਚ ਮੁਆਵਜ਼ੇ ਦੀ ਅਦਾਇਗੀ ‘ਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਗਿਆ। ਇਸ ਦੇ ਨਾਲ ਹੀ ਯੋਗ ਜ਼ਮੀਨ ਮਾਲਕਾਂ ਨੂੰ ਇਰਾਦਾ ਪੱਤਰ (ਐਲ. ਓ. ਆਈ.) ਜਾਰੀ ਕਰਨ ਅਤੇ ਮੁੜ ਵਸੇਬਾ ਤੇ ਪੁਨਰ ਸਥਾਪਨਾ (ਆਰ ਐਂਡ ਆਰ) ਸੰਬੰਧੀ ਲਾਭ ਜਲਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਜ਼ਮੀਨ ਐਕਵਾਇਰ ਹੋਣ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ‘ਚ ਪੀਣ ਵਾਲੇ ਪਾਣੀ, ਸੀਵਰੇਜ, ਪਾਰਕਾਂ ਅਤੇ ਪਾਰਕਿੰਗ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਤਰਜ਼ੀਹ ਦੇਣ ਦਾ ਮਸਲਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸੇ ਦੌਰਾਨ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਖੇਤੀਬਾੜੀ ਮੋਟਰ ਕੁਨੈਕਸ਼ਨਾਂ ਸੰਬੰਧੀ ਇਕ ਅਹਿਮ ਮੰਗ ਉਠਾਉਂਦਿਆਂ ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਨਵਾਂ ਖੇਤੀਬਾੜੀ ਮੋਟਰ ਕੁਨੈਕਸ਼ਨ ਲੈਣ ਲਈ ਲਾਗੂ ਸਮਾਂ-ਸੀਮਾ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕੀਤੀ ਤਾਂ ਜੋ ਕਿਸਾਨ ਵਲੋਂ ਨਵੀਂ ਖੇਤੀਬਾੜੀ ਜ਼ਮੀਨ ਖ਼ਰੀਦਣ ਉਪਰੰਤ ਕਿਸੇ ਵੀ ਸਮੇਂ ਮੋਟਰ ਕੁਨੈਕਸ਼ਨ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ‘ਚ ਖਰੜ ਦੇ ਸੰਨੀ ਇਨਕਲੇਵ ਮੈਗਾ ਪ੍ਰਾਜੈਕਟ ਅਧੀਨ ਪੈਂਦੇ ਸੈਕਟਰ-125 ਨੂੰ ਵੀ ਗਮਾਡਾ ਅਧੀਨ ਲੈਣ ਦੇ ਮਸਲੇ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਇਸ ਪ੍ਰਾਜੈਕਟ ਨਾਲ ਪ੍ਰਭਾਵਿਤ ਵਸਨੀਕਾਂ ਨੂੰ ਰਾਹਤ ਮਿਲ ਸਕੇ। ਇਸੇ ਦੌਰਾਨ ਅਦਾਇਗੀਆਂ ‘ਚ ਦੇਰੀ, ਜ਼ਮੀਨਾਂ ਦੀ ਕਲੱਬਿੰਗ ਅਤੇ ਗਮਾਡਾ ਦੀਆਂ ਨੀਤੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਲਾਗੂ ਕਰਨ ਨਾਲ ਸੰਬੰਧਿਤ ਮੁੱਦੇ ਵੀ ਵਿਚਾਰੇ ਗਏ ਤਾਂ ਜੋ ਸਾਰੇ ਪ੍ਰਭਾਵਿਤ ਜ਼ਮੀਨ ਮਾਲਕਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਗਮਾਡਾ ਦੇ ਅਧਿਕਾਰੀਆਂ ਵਲੋਂ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਗਮਾਡਾ ਦੇ ਅਧਿਕਾਰ ਖੇਤਰ ਤੋਂ ਬਾਹਰ ਆਉਂਦੇ ਮਸਲਿਆਂ ਨੂੰ ਜਲਦ ਹੱਲ ਕਰਵਾਉਣ ਲਈ ਸੰਬੰਧਿਤ ਮੰਤਰਾਲੇ ਅਤੇ ਮੁੱਖ ਮੰਤਰੀ ਦੇ ਧਿਆਨ ‘ਚ ਲਿਆਉਣ ਦਾ ਭਰੋਸਾ ਦਿਵਾਇਆ ਗਿਆ। ਇਸੇ ਦੌਰਾਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜ਼ਮੀਨ ਐਕਵਾਇਰ ਹੋਣ ਨਾਲ ਪ੍ਰਭਾਵਿਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇ ਅਤੇ ਇਸ ਮੰਤਵ ਲਈ ਸੰਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇ।
ਪਿਛਲੀ ਖ਼ਬਰ ਭਾਜਪਾ ਆਗੂ ਉੱਭਾ ਨੇ ਮੁਹਾਲੀ ਦੇ ਵਿਕਾਸ ਤੇ ਬਦਹਾਲ ਨਾਗਰਿਕ ਸਹੂਲਤਾਂ ਦਾ ਮੁੱਦਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿ... ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।