ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿਹਤ ਵਿਭਾਗ ਵਲੋਂ 18 ਤੋਂ 24 ਨਵੰਬਰ ਤੱਕ ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਐਂਟੀਬਾਇਓਟਿਕ ਅਤੇ ਹੋਰ ਐਂਟੀਮਾਈਕ੍ਰੋਬੀਅਲ ਦਵਾਈਆਂ ਦੀ ਸਹੀ, ਸੁਰੱਖਿਅਤ ਅਤੇ ਜ਼ਿੰਮੇਵਾਰਾਨਾ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਕਦੇ ਵੀ ਆਪਣੀ ਮਰਜ਼ੀ ਨਾਲ ਨਾ ਕੀਤੀ ਜਾਵੇ, ਸਗੋਂ ਯੋਗ ਡਾਕਟਰ ਦੀ ਸਲਾਹ ਅਤੇ ਨਿਰਦੇਸ਼ਾਂ ਅਨੁਸਾਰ ਹੀ ਦਵਾਈ ਲਈ ਜਾਵੇ। ਉਨ੍ਹਾਂ ਕਿਹਾ ਕਿ ਬੁਖ਼ਾਰ, ਖੰਘ, ਜ਼ੁਕਾਮ ਅਤੇ ਖੰਘ ਵਰਗੀਆਂ ਕਈ ਆਮ ਬਿਮਾਰੀਆਂ ਵਾਇਰਸ ਕਾਰਨ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਇਲਾਜ ਲਈ ਐਂਟੀਬਾਇਓਟਿਕ ਦਵਾਈਆਂ ਅਸਰਦਾਰ ਨਹੀਂ ਹੁੰਦੀਆਂ। ਇਸ ਲਈ ਬਿਮਾਰੀ ਦੇ ਲੱਛਣ ਹੋਣ ’ਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਐਂਟੀਬਾਇਓਟਿਕ ਦਵਾਈਆਂ ਕਿਸੇ ਹੋਰ ਵਿਅਕਤੀ ਨਾਲ ਸਾਂਝੀਆਂ ਨਾ ਕਰਨ, ਬਚੀਆਂ ਹੋਈਆਂ ਦਵਾਈਆਂ ਦੀ ਆਪਣੀ ਮਰਜ਼ੀ ਨਾਲ ਵਰਤੋਂ ਨਾ ਕਰਨ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਐਂਟੀਬਾਇਓਟਿਕ ਨਾ ਲੈਣ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਸਹੀ ਵਰਤੋਂ ਪ੍ਰਤੀ ਜਾਗਰੂਕਤਾ ਹੀ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਦੀ ਰੋਕਥਾਮ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ।