]
ਐੱਸ. ਏ. ਐੱਸ. ਨਗਰ, 19 ਨਵੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਲਾਲੜੂ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਗੁਰਸਾਂਝ ਸਿੰਘ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਗੁਆਂਢ ਵਿਚ ਰਹਿਣ ਵਾਲੀ ਮੂਲ ਰੂਪ ‘ਚ ਉੱਤਰ ਪ੍ਰਦੇਸ਼ ਨਾਲ ਸੰਬੰਧਿਤ ਸੋਨਿਕਾ ਨਾਮਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮ ਮਹਿਲਾ ਨੇ ਬੱਚੇ ਨੂੰ ਅਗਵਾ ਕਰਨ ਮਗਰੋਂ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਲਾਸ਼ ਆਪਣੇ ਗੁਆਂਢੀ ਦੇ ਘਰ ਦੀ ਛੱਤ ‘ਤੇ ਰੱਖ ਦਿੱਤੀ ਸੀ। ਪੁਲਿਸ ਨੇ ਵਾਰਦਾਤ ਦੌਰਾਨ ਵਰਤਿਆ ਕੰਬਲ ਅਤੇ ਚਾਦਰ ਵੀ ਬਰਾਮਦ ਕੀਤੇ ਹਨ। ਇਸ ਸੰਬੰਧ ‘ਚ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਐੱਸ. ਪੀ. (ਦਿਹਾਤੀ) ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 14 ਨਵੰਬਰ ਨੂੰ ਗੁਰਵਿੰਦਰ ਸਿੰਘ ਦਾ ਦੋ ਸਾਲਾ ਪੁੱਤਰ ਗੁਰਸਾਂਝ ਸਿੰਘ ਦੁਪਹਿਰ ਕਰੀਬ 1.30 ਵਜੇ ਘਰ ਦੇ ਬਾਹਰ ਖੇਡਦੇ ਸਮੇਂ ਅਚਾਨਕ ਲਾਪਤਾ ਹੋ ਗਿਆ ਸੀ। ਪਰਿਵਾਰ ਵਲੋਂ ਬੱਚੇ ਦੀ ਭਾਲ ਸ਼ੁਰੂ ਕਰਨ ‘ਤੇ 15 ਨਵੰਬਰ ਨੂੰ ਤੜਕੇ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਜਾਣਕਾਰੀ ਅਨੁਸਾਰ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਵਰੁਣ ਸ਼ਰਮਾ ਦੀਆਂ ਹਦਾਇਤਾਂ ‘ਤੇ ਐੱਸ. ਪੀ. ਜਸਪਿੰਦਰ ਸਿੰਘ ਗਿੱਲ ਅਤੇ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਐੱਸ. ਪੀ. ਗਿੱਲ ਨੇ ਦੱਸਿਆ ਕਿ ਜਾਂਚ ਦੌਰਾਨ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲਣ ਤੋਂ ਇਲਾਵਾ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ, ਜਿਨ੍ਹਾਂ ਦੇ ਆਧਾਰ ‘ਤੇ ਸੋਨਿਕਾ ਵਾਸੀ ਪਿੰਡ ਬੱਲੋਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮਹਿਲਾ ਨੇ ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਗਰਭਪਾਤ ਹੋਣ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ ਅਤੇ ਇਸੇ ਪ੍ਰੇਸ਼ਾਨੀ ਦੌਰਾਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ ਸੰਬੰਧੀ ਥਾਣਾ ਲਾਲੜੂ ਵਿਖੇ 15 ਨਵੰਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਵਾਰਦਾਤ ਵਾਲੇ ਦਿਨ ਤੋਂ ਲੈ ਕੇ ਬੁੱਧਵਾਰ ਤੱਕ ਮ੍ਰਿਤਕ ਬੱਚੇ ਦਾ ਪਰਿਵਾਰ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤ ਨਹੀਂ ਹੋਇਆ ਸੀ। ਦੇਰ ਸ਼ਾਮ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਮਹਿਲਾ ਦੀ ਗ੍ਰਿਫ਼ਤਾਰੀ ਉਪਰੰਤ ਵੀਰਵਾਰ ਨੂੰ ਬੱਚੇ ਦਾ ਪੋਸਟਮਾਰਟਮ ਕਰਵਾਇਆ, ਜਿਸ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਤੇ ਪਰਿਵਾਰ ਵਲੋਂ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਅਧਿਕਾਰਤ ਤੌਰ ‘ਤੇ ਮਹਿਲਾ ਦੀ ਗ੍ਰਿਫ਼ਤਾਰੀ ਵੀਰਵਾਰ ਦੁਪਹਿਰ ਨੂੰ ਪਾਈ ਗਈ ਹੈ, ਇਸ ਲਈ ਪੁਲਿਸ ਵਲੋਂ ਮੁਲਜ਼ਮ ਮਹਿਲਾ ਨੂੰ ਸ਼ੁੱਕਰਵਾਰ ਨੂੰ ਡੇਰਾਬੱਸੀ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।