ਮਾਨਸਾ, 21 ਜਨਵਰੀ (ਰਾਵਿੰਦਰ ਸਿੰਘ ਰਵੀ)- ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਰੋਕਣ ਲਈ ਸਥਾਨਕ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦੁਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ ਸਗੋਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਵਿੱਦਿਅਕ ਵਿਕਾਸ 'ਚ ਵੱਡੀ ਰੁਕਾਵਟ ਬਣਦਾ ਹੈ | ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ 'ਤੇ ਵਿਆਹ ਕਰਵਾਉਣਾ ਸਜ਼ਾਯੋਗ ਜੁਰਮ ਹੈ | ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਖ਼ਤਮ ਕਰਨ ਲਈ ਸਮਾਜ ਇੱਕਜੁੱਟ ਹੋਵੇ | ਉਨ੍ਹਾਂ ਕਿਹਾ ਕਿ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਬਾਲ ਹਰਦੀਪ ਕੁਮਾਰ, ਬੇਅੰਤ ਕੋਰ ਅਤੇ ਸ਼ੈਲੀ ਆਦਿ ਹਾਜ਼ਰ ਸਨ |