ਮਾਨਸਾ/ਜੋਗਾ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ/ਹਰਜਿੰਦਰ ਸਿੰਘ ਚਹਿਲ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡ ਰੱਲਾ ਵਿਖੇ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ | ਪੈਦਲ ਮਾਰਚ ਰਾਹੀਂ ਘਰ-ਘਰ ਪਹੁੰਚ ਕਰ ਕੇ ਨਸ਼ਿਆਂ ਵਿਰੁੱਧ ਹੋਕਾ ਦੇ ਕੇ ਲੋਕਾਂ ਨੂੰ ਤਸਕਰਾਂ ਤੇ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ | ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਲੋਕ ਪਿੰਡਾਂ ਦੇ ਪਹਿਰੇਦਾਰ ਬਣ ਕੇ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਸ ਕੋਹੜ ਨੂੰ ਜੜ 'ਚੋਂ ਖ਼ਤਮ ਕੀਤਾ ਜਾ ਸਕੇ | ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਜਾਣਕਾਰੀ ਬੇਝਿਜਕ, ਬਿਨਾਂ ਕਿਸੇ ਡਰ ਭੈਅ ਤੋਂ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਕੀਤੇ ਟੋਲ ਫ਼ਰੀ ਹੈਲਪ ਲਾਈਨ ਨੰਬਰ ਅਤੇ ਨਸ਼ਾ ਮੁਕਤੀ ਐਪ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ | ਉਨ੍ਹਾਂ ਭਰੋਸਾ ਦਵਾਇਆ ਕਿ ਨਸ਼ਿਆਂ ਖ਼ਿਲਾਫ਼ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 3 ਹਜ਼ਾਰ ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਮਾਲਵਾ ਜ਼ੋਨ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ 'ਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਹਰ ਗ੍ਰਾਮ ਪੰਚਾਇਤ ਅਤੇ ਵਾਰਡ 'ਚ ਵੀਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਵੀ.ਡੀ.ਸੀ./ਡਬਲੀਯੂ.ਡੀ.ਸੀ. ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਇਸ ਵਿਸ਼ੇਸ਼ ਮੁਹਿੰਮ 'ਚ ਆਖ਼ਰੀ ਦਮ ਤੱਕ ਲੜਾਈ ਲੜੀ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਸਰਪੰਚ ਹਰਭਜਨ ਸਿੰਘ, ਬਹਾਦਰ ਸਿੰਘ ਤੇ ਪਤਵੰਤੇ ਹਾਜ਼ਰ ਸਨ |
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਘਰ-ਘਰ ਨਸ਼ਿਆਂ ਵਿਰੁੱਧ ਦਿੱਤਾ ਜਾਵੇਗਾ ਹੋਕਾ
ਅਜੀਤ ਡੈਸਕ
30-01-2026