ਬਠਿੰਡਾ, 29 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਜ਼ਿਲ੍ਹਾ ਸਿਹਤ ਵਿਭਾਗ ਵਲੋਂ 'ਬੇਟੀ ਪੜ੍ਹਾਓ ਬੇਟੀ ਬਚਾਓ' ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੀਸੀ-ਪੀ.ਐਨ.ਡੀ.ਟੀ. ਐਕਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਏ.ਐਨ.ਐਮ ਟ੍ਰੈਨਿੰਗ ਸਕੂਲ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਮੌਕੇ ਏ.ਐਨ.ਐਮ ਟ੍ਰੈਨਿੰਗ ਸਕੂਲ ਦੇ ਬੱਚੇ ਅਤੇ ਸਟਾਫ਼ ਨੂੰ ਲੜਕੀਆਂ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਦੇਣ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ | ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਦੱਸਿਆ ਕਿ ਲਿੰਗ ਅਨੁਪਾਤ ਵਿਚ ਆ ਰਹੀ ਕਮੀ ਸਮਾਜ ਲਈ ਗੰਭੀਰ ਚੁਣੌਤੀ ਹੈ, ਜਿਸ ਦਾ ਮੁਕਾਬਲਾ ਸਾਂਝੀ ਸੋਚ ਅਤੇ ਸਾਂਝੇ ਉਪਰਾਲਿਆਂ ਨਾਲ ਹੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਧੀਆਂ ਦੀ ਸਿੱਖਿਆ, ਸਿਹਤ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਭਰੂਣ ਹੱਤਿਆ ਵਰਗੀਆਂ ਅਪਰਾਧਿਕ ਪ੍ਰਥਾਵਾਂ ਦਾ ਪੂਰੀ ਤਰ੍ਹਾਂ ਵਿਰੋਧ ਕੀਤਾ ਜਾਵੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੜਕੀਆਂ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿਚ ਬਰਾਬਰ ਮੌਕੇ ਮਿਲਣ ਨਾਲ ਹੀ ਸਮਾਜ ਦਾ ਸੰਤੁਲਿਤ ਅਤੇ ਵਿਕਾਸਸ਼ੀਲ ਰੂਪ ਤਿਆਰ ਹੋ ਸਕਦਾ ਹੈ | ਇਸ ਲਈ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਦੀ ਸੋਚ ਬਦਲਣ ਵਿਚ ਸਿਹਤ ਸਟਾਫ਼ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ |