ਭੀਖੀ, 14 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 2 ਰੋਜ਼ਾ ਬਲਾਕ ਪੱਧਰੀ ਐਜੂਕੇਸ਼ਨ ਮੇਲਾ ਲਗਾਇਆ ਗਿਆ, ਜਿਸ ’ਚ ਬਲਾਕ ਦੇ 12 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਬੰਧਕ ਕਮਟੀ ਦੇ ਮੈਂਬਰ ਤੇ ਐੱਸ.ਐੱਮ.ਸੀ. ਚੇਅਰਪਰਸਨ ਛਿੰਦਾ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਤੇ ਪ੍ਰੋਜੈਕਟਾਂ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਵਲੋਂ ਅਸਲ ਜ਼ਿੰਦਗੀ ’ਚ ਵਰਤੋਂ, ਕਲਾ ਰਾਹੀਂ ਸਿੱਖਣਾ ਤੇ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਵਰਗੇ ਮੁੱਖ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ। ਪ੍ਰਿੰਸੀਪਲ ਰਘਵਿੰਦਰ ਸਿੰਘ ਨੇ ਕਿਹਾ ਕਿ ਆਧੁਨਿਕ ਸਿੱਖਿਆ ਦਾ ਉਦੇਸ਼ ਸਿਰਫ਼ ਪੁਸਤਕੀ ਗਿਆਨ ਪ੍ਰਦਾਨ ਕਰਨਾ ਨਹੀਂ ਸਗੋਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਅਸਲ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ। ਅੰਤ ’ਚ ਬੱਚਿਆਂ ਅਤੇ ਗਾਈਡ ਅਧਿਆਪਕਾਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਨੀਲਮ ਰਾਣੀ, ਸਾਬਕਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਵੀ ਹਾਜ਼ਰ ਸਨ।