ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ. ਨਿੱਕੂਵਾਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਮਾਤਾ ਅਜੀਤ ਕੌਰ, ਮਾਤਾ ਜੀਤੋ ਜੀ ਦੇ ਪਾਵਨ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰਨ ਸ਼ਰਧਾ ਅਤੇ ਗੁਰਮਤਿ ਮਰਯਾਦਾ ਅਨੁਸਾਰ ਕੀਤੀ ਗਈ | ਇਸ ਸਬੰਧੀ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਜਨਵਰੀ ਨੂੰ ਸਵੇਰੇ 9 ਵਜੇ ਪੈਣਗੇ | ਉਪਰੰਤ ਵਿਆਹ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਭੋਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਾਮ ਸਮੇਂ ਇਤਿਹਾਸਕ ਸਥਾਨ ਗੁਰੂ ਕਾ ਲਾਹੌਰ ਹਿਮਾਚਲ ਪ੍ਰਦੇਸ਼ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ | ਗੁਰਦੁਆਰਾ ਪ੍ਰਬੰਧਕਾਂ ਵਲੋਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਵਿਸ਼ਾਲ ਨਗਰ ਕੀਰਤਨ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਥੇਦਾਰ ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |