ਰੂਪਨਗਰ, 29 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੇ ਪਿੰਡਾਂ ਵਿਚ ਕਾਂਗਰਸ ਸਰਕਾਰ ਦੇ ਸਮੇਂ ਮਾਫ਼ ਕੀਤੇ ਗਏ ਪਾਣੀ ਦੀਆਂ ਟੈਂਕੀਆਂ ਦੇ ਬਿਜਲੀ ਬਿੱਲਾਂ ਨੂੰ ਦੁਬਾਰਾ ਲਗਾਉਣ ਦੇ ਰੋਸ ਵਜੋਂ ਕਾਂਗਰਸ ਪਾਰਟੀ ਵਲੋਂ ਰੂਪਨਗਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰਣਜੀਤ ਸਿੰਘ ਬਾਗ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਫਿਰ ਰੋਸ ਮਾਰਚ ਕੱਢਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਂਗਰਸ ਪਾਰਟੀ ਵਲੋਂ ਜ਼ਿਲ੍ਹੇ ਦੇ ਏ.ਡੀ.ਸੀ. ਨੂੰ ਮੰਗ ਪੱਤਰ ਦਿੰਦਿਆਂ ਕਿਹਾ ਗਿਆ ਕਿ ਪੰਚਾਇਤੀ ਵਿਭਾਗ ਦੇ ਅਧਿਕਾਰੀ ਪਿੰਡਾਂ ਦੀ ਪੰਚਾਇਤਾਂ ਨੂੰ ਡਰਾ ਧਮਕਾ ਰਹੇ ਹਨ ਤੇ ਵਿੱਤ ਕਮਿਸ਼ਨ ਦੀਆਂ ਗ੍ਰਾਟਾਂ ਪਾਣੀ ਦੀਆ ਟੈਂਕੀਆਂ ਦੇ ਬਿਜਲੀ ਬਿਲਾਂ ਦੀ ਅਦਾਇਗੀ ਦੇਣ ਲਈ ਕਹਿ ਰਹੇ ਹਨ | ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਰਹਿੰਦਿਆਂ ਪਿੰਡਾਂ ਵਿਚ ਪਾਣੀ ਦੀਆਂ ਟੈਂਕੀਆਂ ਦੇ ਬਿਜਲੀ ਬਿਲਾਂ ਦੇ ਸੈਂਕੜੇ ਕਰੋੜ ਰੁਪਏ ਬਕਾਏ ਮਾਫ ਕਰ ਦਿੱਤੇ ਸਨ ਤੇ ਅੱਗੋਂ ਵੀ ਬਿਲ ਮਾਫ ਕਰ ਦਿੱਤੇ ਸਨ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਬਾਅਦ ਪਿੰਡਾਂ ਦੀਆ ਪੰਚਾਇਤਾਂ ਨੂੰ ਲੱਖਾਂ ਰੁਪਏ ਦੇ ਬਿਜਲੀ ਬਿਲ ਭੇਜ ਦਿੱਤੇ ਹਨ | ਇਹ ਬਿਲ ਪੰਚਾਇਤੀ ਵਿਭਾਗ ਦੁਆਰਾ ਭੇਜੇ ਗਏ ਹਨ, ਜਦ ਕਿ ਸਰਕਾਰ ਨੇ ਇਸ ਬਾਰੇ ਕੋਈ ਨੋਟੀਫੀਕੇਸ਼ਨ ਨਹੀਂ ਕੀਤਾ ਹੈ | ਨਵਜੀਤ ਸਿੰਘ ਨਵੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਬਹੁਤੇ ਪਿੰਡਾਂ ਨੂੰ ਲੱਖਾਂ ਰੁਪਏੇ ਦੀ ਅਦਾਇਗੀ ਕਰਨ ਦੇ ਲਈ ਨੋਟਿਸ ਕੱਢੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੁੱਦ ਤਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਗ੍ਰਾਂਟ ਨਹੀਂ ਦਿੱਤੀ ਪਰ ਕੇਂਦਰ ਸਰਕਾਰ ਵਲੋਂ ਪਿੰਡਾਂ ਨੂੰ ਦਿੱਤੀਆਂ ਗ੍ਰਾਂਟਾ ਵੀ ਚੋੋਰ ਮੋਰੀ ਕਰ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਹਲਕਾ ਚਮਕੌਰ ਸਾਹਿਬ ਅਤੇ ਰੂਪਨਗਰ ਤੋਂ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ, ਯੂਥ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਾਰਟੀ ਵਰਕਰ ਹਾਜ਼ਰ ਰਹੇ |